ਦੀ ਹਾਕਵਰਲਡ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ ਦੀ ਹਾਕਵਰਲਡ ਸਕੂਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Thu, 03 Sep 2026 08:54 PM (IST)
Updated Date: Thu, 03 Sep 2026 08:55 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀ ਹਾਕਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਸ਼ਰਧਾ, ਸਤਿਕਾਰ ਤੇ ਆਧਿਆਤਮਿਕ ਮਾਹੌਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੇ ਰਸਭਿੰਨੇ ਕੀਰਤਨ, ਸਿਮਰਨ ਤੇ ਸੇਵਾ ਦੀ ਸੁਗੰਧ ਨਾਲ ਮਹਿਕ ਉੱਠਿਆ। ਸਮੂਹ ਹਾਕਵਰਲਡ ਪਰਿਵਾਰ ਵੱਲੋਂ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰੀ। ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰਬਾਣੀ ਦੀ ਜੀਵਨ-ਜਾਚ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਨਿਮਰਤਾ, ਦਇਆ, ਸੇਵਾ ਤੇ ਮਨੁੱਖਤਾ ਦੇ ਮਾਰਗ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਸ਼ੇਸ਼ ਮਹਿਮਾਨਾਂ ਨੇ ਵੀ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਵਿਰਾਸਤ, ਗੁਰਬਾਣੀ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਪ੍ਰਧਾਨ ਕੈਪਟਨ ਤੇਜਿੰਦਰ ਸਿੰਘ ਜੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਅੰਦਰੋਂ ਮਜ਼ਬੂਤ ਬਣਾਉਂਦੀ ਹੈ ਅਤੇ ਸੱਚ, ਸੇਵਾ, ਸਿਮਰਨ, ਨਿਮਰਤਾ ਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਪ ਪ੍ਰਧਾਨ ਜਸਵਿੰਦਰ ਸਿੰਘ ਜੀ ਨੇ ਕਿਹਾ ਕਿ ਅਜਿਹੇ ਪਵਿੱਤਰ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਮਹਾਨ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ, ਨੈਤਿਕ ਮੁੱਲ ਤੇ ਆਧਿਆਤਮਿਕ ਸੋਚ ਪੈਦਾ ਕਰਨਾ ਹੈ। ਸਮਾਗਮ ਦੇ ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।