ਲੋਕਾਂ ਨੂੰ ਅਕਾਲੀ ਦਲ ਦੀ ਕਮੀ ਮਹਿਸੂਸ ਹੋਣ ਲੱਗੀ : ਕੁਲਾਰ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ:ਕੁਲਾਰ
Publish Date: Sun, 02 Aug 2026 07:50 PM (IST)
Updated Date: Sun, 02 Aug 2026 07:52 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਯੂਥ ਸੂਬਾ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਗੱਲ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਕਦੇ ਵੀ ਪੰਜਾਬ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਧਾਰਮਿਕ ਅਸਮਿਤਾ ਲਈ ਹਮੇਸ਼ਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹੀ ਅਵਾਜ਼ ਬੁਲੰਦ ਕੀਤੀ ਹੈ। ਅਮ੍ਰਿਤਪਾਲ ਸਿੰਘ ਕੁਲਾਰ ਨੇ ਕਿਹਾ ਕਿ ਅੱਜ ਪੰਜਾਬ ਕਰਜ਼ੇ, ਬੇਰੁਜ਼ਗਾਰੀ, ਨਸ਼ਿਆਂ ਤੇ ਵਿਕਾਸ ਦੀ ਘਾਟ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਸੂਬੇ ਦੀਆਂ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ ਤੇ ਖਰੀਆਂ ਨਹੀਂ ਉਤਰ ਸਕੀਆਂ, ਜਿਸ ਕਾਰਨ ਲੋਕਾਂ ਦਾ ਭਰੋਸਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਹੱਕਾਂ ਦੀ ਰਾਖੀ ਲਈ ਸੂਬੇ ਦੀ ਮਜ਼ਬੂਤ ਖੇਤਰੀ ਲੀਡਰਸ਼ਿਪ ਹੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਪਿੰਡ-ਪਿੰਡ ਤੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਈਆਂ ਜਾਣਗੀਆਂ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਅਮ੍ਰਿਤਪਾਲ ਸਿੰਘ ਕੁਲਾਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਖੇਤਰੀ ਸੋਚ ਤੇ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਵਾਲੀ ਸਿਆਸਤ ਵੱਲ ਵਾਪਸੀ ਕਰ ਰਹੇ ਹਨ। ਅਮ੍ਰਿਤਪਾਲ ਕੁਲਾਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਕਮੀ ਮਹਿਸੂਸ ਹੋਣ ਲੱਗੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਭਾਰੀ ਕਰਜ਼ੇ ਦੇ ਬੋਝ ਹੇਠ ਧੱਕ ਦਿੱਤਾ ਹੈ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕ ਭੁਗਤ ਰਹੇ ਹਨ। ਉਨ੍ਹਾਂ ਦੇ ਮਤਾਬਕ ਪੰਜਾਬ ਦੇ ਹਿੱਤਾਂ ਦੀ ਰਾਖੀ ਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨ ਦੀ ਸਮਰੱਥਾ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਆਪ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਦੁਬਾਰਾ ਮਜ਼ਬੂਤ ਜਨ ਸਮਰਥਨ ਮਿਲੇਗਾ।