ਖੂਨਦਾਨ ਕਰਕੇ ਸ਼ਹੀਦਾਂ ਨੂੰ ਦਿਓ ਸ਼ਰਧਾਂਜਲੀ : ਸੂਬੇਦਾਰ ਸ਼ਹੀਦਾਂ ਨੂੰ ਸਮਰਪਿਤ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਕੇ ਸ਼ਹੀਦਾਂ ਨੂੰ ਦਿਓ ਸ਼ਰਧਾਂਜਲੀ : ਸੂਬੇਦਾਰ ਅਮਰਜੀਤ ਸਿੰਘ
Publish Date: Tue, 24 Nov 2026 07:51 PM (IST)
Updated Date: Tue, 24 Nov 2026 07:52 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਤੇ ਬਜਰੰਗ ਦਲ ਵੱਲੋਂ 29 ਨਵੰਬਰ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਹਿੱਸਾ ਲੈਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਬਜਰੰਗ ਦਲ ਦੇ ਜ਼ਿਲ੍ਹਾ ਆਨੰਦ ਯਾਦਵ, ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਤੇ ਗਗਨ ਗਿੱਲ ਨੇ ਐੱਨਸੀਸੀ 21 ਬਟਾਲੀਅਨ ਦੇ ਸੂਬੇਦਾਰ ਅਮਰਜੀਤ ਸਿੰਘ ਨੂੰ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਸੂਬੇਦਾਰ ਅਮਰਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀਐੱਚਪੀ ਬਜਰੰਗ ਦਲ ਵੱਲੋਂ 29 ਨਵੰਬਰ ਨੂੰ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹੀਦਾਂ ਨੇ ਇਸ ਦੇਸ਼ ਲਈ ਆਪਣਾ ਖੂਨ ਵਹਾਇਆ ਹੈ, ਉਸੇ ਤਰ੍ਹਾਂ ਸਾਨੂੰ ਵੀ ਇਸ ਦੇਸ਼ ਲਈ ਆਪਣਾ ਖੂਨ ਕਿਸੇ ਦੀ ਜਾਨ ਬਚਾਉਣ ਲਈ ਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਇਸ ਕੈਂਪ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਦੀ ਅਪੀਲ ਕੀਤੀ। ਸੂਬੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਲੋਕ ਖੂਨ ਦੀ ਘਾਟ ਕਾਰਨ ਆਪਣੀਆਂ ਜਾਨਾਂ ਗੁਆ ਦਿੰਦੇ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹੀਦਾਂ ਨੇ ਇਸ ਦੇਸ਼ ਲਈ ਆਪਣਾ ਖੂਨ ਵਹਾਇਆ,ਉਸੇ ਤਰ੍ਹਾਂ ਸਾਨੂੰ ਵੀ ਦੇਸ਼ ਲਈ ਆਪਣਾ ਖੂਨ ਦੇਣਾ ਚਾਹੀਦਾ ਹੈ, ਤਾਂ ਜੋ ਕਿਸੇ ਦੀ ਜਾਨ ਬਚਾਈ ਜਾ ਸਕੇ। ਇਸ ਮੌਕੇ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਦੇਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਲਗਾਇਆ ਜਾ ਰਿਹਾ ਹੈ।