- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਦੁਸ਼ਹਿਰੇ ਦੇ ਪ੍ਰੋਗਰਾਮ ਕੀਤੇ ਰੱਦ : ਐਚਐਸ ਵਾਲੀਆ

ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਹਲਕਾ ਕਪੂਰਥਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਨਸ਼ਿਆਂ ਵਿਰੁੱਧ ਬੇਬਾਕ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਹਲਕੇ ਦੇ ਵਿਚ ਦੁਸ਼ਹਿਰੇ ਦੇ ਕਿਸੇ ਵੀ ਪ੍ਰੋਗਰਾਮ ਵਿਚ ਸ਼ਿਰਕਤ ਨਾ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦੇ ਸਨ ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦੇ ਸਨ। ਵਾਲੀਆ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਵਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਤੀਆਂ ਤੋਂ ਨਿਜਾਤ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਤੇ ਨਸ਼ਾ ਮੁਕਤ ਸਮਾਜ ਦੀ ਉਮੀਦ ਕਰਦੇ ਹਨ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।