ਰਾਤ ਸਮੇਂ ਪੀਸੀਆਰ ਗਸ਼ਤ ਵਧਾਈ ਜਾਵੇ : ਕੁਲਦੀਪ ਪੌਸ਼ ਇਲਾਕਿਆਂ ’ਚ ਰਾਤ ਸਮੇਂ ਪੀਸੀਆਰ ਦੀ ਗਸ਼ਤ ਵਧਾਈ ਜਾਵੇ : ਕੁਲਦੀਪ ਸਿੰਘ
Publish Date: Tue, 13 Oct 2026 10:04 PM (IST)
Updated Date: Tue, 13 Oct 2026 10:06 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਕੌਂਸਲਰ ਤੇ ਮੋਬਾਇਲ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਪੌਸ਼ ਇਲਾਕਿਆਂ ਵਿੱਚ ਰਾਤ ਸਮੇਂ ਪੀਸੀਆਰ ਦੀ ਗਸ਼ਤ ਵਧਾਈ ਜਾਵੇ। ਉਨ੍ਹਾਂ ਤਿਉਹਾਰਾਂ ਦੇ ਇਸ ਚੱਲ ਰਹੇ ਸੀਜ਼ਨ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਤੇ ਪਾਰਕਿੰਗਾਂ ਵਿੱਚ ਵੀ ਪੁਲਿਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ। ਕੁਲਦੀਪ ਸਿੰਘ ਕਿਹਾ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਦੌਰਾਨ ਕਪੂਰਥਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਖਰੀਦਦਾਰੀ ਤੇ ਕਾਰੋਬਾਰੀ ਗਤੀਵਿਧੀਆਂ ਵਧ ਜਾਂਦੀਆਂ ਹਨ। ਅਜਿਹੇ ਸਮੇਂ ਵਿੱਚ ਦੁਕਾਨਦਾਰਾਂ, ਵਪਾਰੀਆਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ, ਇਲੈਕਟ੍ਰੋਨਿਕ ਮਾਰਕੀਟਾਂ, ਮੋਬਾਈਲ ਮਾਰਕੀਟਾਂ, ਸੋਨੇ ਦੇ ਬਾਜ਼ਾਰਾਂ ਤੇ ਪੌਸ਼ ਇਲਾਕਿਆਂ ਵਿੱਚ ਰਾਤ ਸਮੇਂ ਪੀਸੀਆਰ ਦੀ ਗਸ਼ਤ ਵਧਾਈ ਜਾਵੇ। ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਵਪਾਰੀ ਵਰਗ ਬਹੁਤ ਮਿਹਨਤ ਨਾਲ ਆਪਣਾ ਕਾਰੋਬਾਰ ਚਲਾ ਰਿਹਾ ਹੈ। ਜੇਕਰ ਕਿਸੇ ਦੁਕਾਨਦਾਰ ਨਾਲ ਚੋਰੀ ਜਾਂ ਲੁੱਟ-ਖੋਹ ਦੀ ਘਟਨਾ ਵਾਪਰ ਜਾਂਦੀ ਹੈ, ਤਾਂ ਉਸ ਲਈ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਅਜਿਹਾ ਨੁਕਸਾਨ ਕਿਸੇ ਵਿਅਕਤੀ ਦੀ ਸਾਲਾਂ ਦੀ ਮਿਹਨਤ ਤੇ ਪੂੰਜੀ ਨੂੰ ਖ਼ਤਮ ਕਰ ਸਕਦਾ ਹੈ। ਇਸ ਲਈ ਸਾਡੀ ਐੱਸਐੱਸਪੀ ਕਪੂਰਥਲਾ ਨੂੰ ਪੁਰਜ਼ੋਰ ਅਪੀਲ ਹੈ ਕਿ ਇਸ ਮੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਾਤ ਸਮੇਂ ਪੀਸੀਆਰ ਗਸ਼ਤ ਵਧਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ। ਕੁਲਦੀਪ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਇਸ ਚੱਲ ਰਹੇ ਸੀਜ਼ਨ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਤੇ ਪਾਰਕਿੰਗਾਂ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਖਰੀਦੋ-ਫਰੋਖ਼ਤ ਲਈ ਗ੍ਰਾਹਕਾਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ ਤੇ ਸ਼ਹਿਰ ਦਾ ਵਪਾਰੀ/ਦੁਕਾਨਦਾਰ ਵਰਗ ਵੀ ਸੁਰੱਖਿਅਤ ਮਹਿਸੂਸ ਕਰ ਸਕੇ।