ਸਰਕਾਰ ਦੀਆਂ ਨੀਤੀਆਂ ਖਿਲਾਫ ਸੰਗਰੂਰ ’ਚ ਗੂੰਜੇਗਾ ਪੈਨਸ਼ਨਰਾਂ ਦਾ ਗੁੱਸਾ ਸਰਕਾਰ ਦੀਆਂ ਨੀਤੀਆਂ ਖਿਲਾਫ ਸੰਗਰੂਰ ’ਚ ਗੂੰਜੇਗਾ ਪੈਨਸ਼ਨਰਾਂ ਦਾ ਗੁੱਸਾ
Publish Date: Mon, 27 Jul 2026 07:36 PM (IST)
Updated Date: Mon, 27 Jul 2026 07:36 PM (IST)
ਲਾਠੀਚਾਰਜ ਨਿੰਦਣਯੋਗ, ਹੁਣ ਪੈਨਸ਼ਨਰ ਸੜਕਾਂ ਤੇ ਉਤਰਨਗੇ : ਸ਼ਰਮਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੈਨਸ਼ਨਰਜ਼ ਐਸੋਸੀਏਸ਼ਨ (ਰਜਿ. ਨੰ. 56) ਪੰਜਾਬ ਸਟੇਟ ਪਾਵਰਕਾਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ. ਸੁਲਤਾਨਪੁਰ ਲੋਧੀ ਮੰਡਲ ਨੇ 29 ਜੁਲਾਈ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਸੰਘਰਸ਼ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰੇਸ਼ਮ ਲਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ, ਜਿਸ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਡੂੰਘਾ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰੈਲੀ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਤੁਰੰਤ ਬਹਾਲੀ, 18% ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਤੇ ਪਾਵਰਕਾਮ ਦੇ ਨਿੱਜੀਕਰਨ ਨੂੰ ਰੋਕਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਾਅਦੇ ਕਰਕੇ ਮੁੱਕਰ ਰਹੀ ਹੈ, ਜਿਸ ਸਰਕਾਰ ਨੂੰ ਮੁਲਾਜ਼ਮਾਂ ਦੀ ਮਿਹਨਤ ਨਾਲ ਕੁਰਸੀਆਂ ਮਿਲੀਆਂ ਹਨ, ਅੱਜ ਉਹੀ ਸਰਕਾਰ ਉਨ੍ਹਾਂ ਦੇ ਹੱਕ ਖੋਹ ਰਹੀ ਹੈ। ਆਗੂਆਂ ਨੇ ਕਿਹਾ ਕਿ ਹੁਣ ਪੈਨਸ਼ਨਰ ਚੁੱਪ ਨਹੀਂ ਬੈਠਣਗੇ ਤੇ ਹਰ ਜ਼ਿਲ੍ਹੇ ਤੋਂ ਸੰਗਰੂਰ ਦੀ ਧਰਤੀ ਤੇ ਇਕੱਠੇ ਹੋ ਕੇ ਸਰਕਾਰ ਨੂੰ ਉਸਦਾ ਫਰਜ਼ ਯਾਦ ਕਰਵਾਉਣਗੇ। ਮੀਟਿੰਗ ਵਿੱਚ ਐਸੋਸੀਏਸ਼ਨ ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਜਿਹੜੇ ਲੋਕ ਦਿਨ-ਰਾਤ ਸ਼ਹਿਰ ਦੀ ਸਫਾਈ ਕਰਕੇ ਸਾਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ, ਉਨ੍ਹਾਂ ਤੇ ਲਾਠੀਆਂ ਵਰਸਾਉਣਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਇਹ ਸਰਕਾਰ ਦੀ ਮਜ਼ਦੂਰ ਵਿਰੋਧੀ ਤੇ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਦੋਸ਼ੀ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਜ਼ਖਮੀ ਸੇਵਕਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ। ਮੀਟਿੰਗ ਵਿੱਚ ਜਲਾਲਾਬਾਦ ਵਿਖੇ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਵਾਲੇ ਸਬੰਧਤ ਡੀਐੱਸਪੀ ਦੇ ਰਵੱਈਏ ਦੀ ਵੀ ਸਖਤ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਕੰਮ ਕਰਨ ਦੀ ਥਾਂ ਝੂਠੇ ਕੇਸਾਂ ਵਿੱਚ ਫਸਾਉਣਾ ਸਰਾਸਰ ਧੱਕੇਸ਼ਾਹੀ ਹੈ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਡੀਐਸਪੀ ਦੇ ਖਿਲਾਫ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਸਨੂੰ ਸੇਵਾ ਤੋਂ ਡਿਸਮਿਸ ਕੀਤਾ ਜਾਵੇ। ਆਗੂਆਂ ਨੇ ਸੁਲਤਾਨਪੁਰ ਲੋਧੀ ਮੰਡਲ ਦੇ ਸਮੂਹ ਸੇਵਾਮੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 29 ਜੁਲਾਈ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੰਗਰੂਰ ਪਹੁੰਚ ਕੇ ਇਸ ਸੰਘਰਸ਼ ਨੂੰ ਸਫਲ ਬਣਾਉਣ। ਮੀਟਿੰਗ ਦੌਰਾਨ ਬਲਦੇਵ ਰਾਜ, ਚਰਨਜੀਤ ਸ਼ਰਮਾ, ਮੁਖਤਿਆਰ ਸਿੰਘ ਖਿੰਡਾ, ਪ੍ਰਤਾਪ ਸਿੰਘ ਮੋਮੀ, ਦਿਆਲ ਸਿੰਘ ਦੀਪੇਵਾਲ, ਬਲਬੀਰ ਸਿੰਘ ਸੰਧਾ, ਦਲਜੀਤ ਸਿੰਘ, ਮੁਖਤਿਆਰ ਸਿੰਘ, ਇੰਦਰਜੀਤ ਵਾਤਿਸ਼ ,ਬਲਵਿੰਦਰ ਸਿੰਘ, ਚਰਨਜੀਤ ਸਿੰਘ, ਮੋਹਨ ਲਾਲ ,ਰਾਮ ਜੀ ਦਾਸ ,ਨਿਰਮਲ ਸਿੰਘ ,ਅਮਰ ਸਿੰਘ, ਸਵਰਨ ਸਿੰਘ ਪੰਡੋਰੀ ਆਦਿ ਹਾਜ਼ਰ ਸਨ।