ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਰੋਸ ਜਤਾਇਆ
ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਮੀਟਿੰਗ, ਡੀਏ ਨਾ ਮਿਲਣ ਤੇ ਸਰਕਾਰ ਖ਼ਿਲਾਫ਼ ਰੋਸ
Publish Date: Sat, 03 Jan 2026 10:14 PM (IST)
Updated Date: Sat, 03 Jan 2026 10:17 PM (IST)

ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਾਲ 2025 ਵਿਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀਏ) ਨਾ ਦੇਣ ’ਤੇ ਗਹਿਰੀ ਨਾਰਾਜ਼ਗੀ ਜਤਾਈ। ਆਗੂਆਂ ਨੇ ਕਿਹਾ ਕਿ ਡੀਏ ਨਾ ਮਿਲਣਾ ਸਿਰਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਨਿਰਾਸ਼ਾ ਨਹੀਂ, ਸਗੋਂ ਇਹ ਪੰਜਾਬ ਦੇ ਵਿੱਤੀ ਸੰਕਟ ਦੀ ਵੀ ਗੰਭੀਰ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਲੱਖਾਂ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਸਾਲ ਦੇ ਅੰਤ ਤੱਕ ਸਰਕਾਰ ਵੱਲੋਂ ਕੁਝ ਰਾਹਤ ਦਿੱਤੀ ਜਾਵੇਗੀ, ਪਰ ਨਾ ਤਾਂ ਕੋਈ ਨਵਾਂ ਡੀਏ ਵਧਾਇਆ ਗਿਆ ਅਤੇ ਨਾ ਹੀ ਪੁਰਾਣੇ ਬਕਾਇਆ ਏਰੀਅਰ ਜਾਰੀ ਕੀਤੇ ਗਏ, ਜਿਸ ਨਾਲ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮੀਟਿੰਗ ਵਿਚ ਦੱਸਿਆ ਗਿਆ ਕਿ ਮਹਿੰਗਾਈ ਭੱਤਾ ਸਰਕਾਰੀ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਦਿੱਤਾ ਜਾਂਦਾ ਹੈ, ਜੋ ਆਮ ਤੌਰ ’ਤੇ ਸਾਲ ਵਿਚ ਦੋ ਵਾਰ ਜਨਵਰੀ ਅਤੇ ਜੁਲਾਈ ’ਚ ਕੇਂਦਰ ਸਰਕਾਰ ਵੱਲੋਂ ਵਧਾਇਆ ਜਾਂਦਾ ਹੈ ਤੇ ਰਾਜ ਸਰਕਾਰਾਂ ਵੱਲੋਂ ਅਪਣਾਇਆ ਜਾਂਦਾ ਹੈ। ਪੰਜਾਬ ਵਿਚ ਲਗਭਗ ਤਿੰਨ ਲੱਖ ਸਰਕਾਰੀ ਮੁਲਾਜ਼ਮ ਤੇ ਲੱਖਾਂ ਪੈਨਸ਼ਨਰ ਹਨ, ਜੋ ਡੀਏ ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦੇ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਡੀਏ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਯਾਦ ਦਵਾਇਆ ਕਿ ਪੰਜਾਬ ਸਰਕਾਰ ਨੇ ਆਖਰੀ ਵਾਰ ਡੀਏ ਦਾ ਵਾਧਾ ਸਾਲ 2024 ਵਿਚ ਕੀਤਾ ਸੀ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੂੰ ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਨਾਲ ਹੀ ਹਾਲ ਹੀ ’ਚ ਹੋਏ ਪੱਤਰਕਾਰਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਡਾ. ਮੱਖਣ ਸਿੰਘ ਭੁਲੱਥ, ਲਖਵੀਰ ਸਿੰਘ ਪੰਡੋਰੀ, ਜੋਗਿੰਦਰ ਸਿੰਘ ਪੱਡਾ, ਚਰਨਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਪੱਡਾ, ਦੇਸ ਰਾਜ, ਸੁਖਦੇਵ ਸਿੰਘ, ਨਾਨਕ ਚੰਦ, ਸਵਰਨ ਸਿੰਘ, ਕਿਸ਼ਨ ਲਾਲ, ਸਰਵਣ ਕੁਮਾਰ ਅਤੇ ਜਸਵੰਤ ਵਿਰਲੀ ਸਮੇਤ ਹੋਰ ਮੈਂਬਰ ਹਾਜ਼ਰ ਸਨ।