ਪੈਨਸ਼ਨਰਾਂ ਕੀਤਾ ਡਿਪਟੀ ਸਪੀਕਰ ਦੇ ਘਰ ਦਾ ਘਿਰਾਓ *ਡਿਪਟੀ ਸਪੀਕਰ ਵਿਧਾਨ ਸਭਾ ਦੀ ਗੜ੍ਹਸ਼ੰਕਰ ਰਿਹਾਇਸ਼ ਦੇ ਘਿਰਾਓ ਵਿੱਚ ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ: ਪੈਨਸ਼ਨਰ ਆਗੂ*
Publish Date: Sun, 13 Sep 2026 07:05 PM (IST)
Updated Date: Sun, 13 Sep 2026 07:08 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫ਼ਗਵਾੜਾ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 12-13 ਸਤੰਬਰ ਨੂੰ ਵੱਖ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਦੀਆਂ ਰਿਹਾਇਸ਼ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਅਨੁਸਾਰ 12 ਸਤੰਬਰ ਨੂੰ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੀ ਗੜ੍ਹਸ਼ੰਕਰ ਵਿਖੇ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਜਥੇ ਨੇ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ(ਰਜਿ.) ਦੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਸਾਢੇ ਚਾਰ ਸਾਲਾਂ ਦੇ ਸਮੇਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ 01/07/2023 ਤੋਂ ਅੱਜ ਤੱਕ ਮੁੱਖ ਮੰਤਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਆਗੂਆਂ ਨੂੰ ਮੀਟਿੰਗ ਦੀ ਮਿਤੀ ਦੇ ਕੇ ਵਾਰ-ਵਾਰ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਮੰਗਾਂ ਸਬੰਧੀ ਗੱਲਬਾਤ ਕਰਨੀ ਤਾਂ ਇੱਕ ਪਾਸੇ ਰਹੀ ਸਗੋਂ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੀ ਹਾਈਪਾਵਰ ਕਮੇਟੀ ਵੱਲੋਂ ਮੁਲਾਜ਼ਮਾਂ ਨੂੰ ਆਮ ਲੋਕਾਂ ਵਿੱਚ ਬਦਨਾਮ ਲਈ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਸੱਭ ਤੋਂ ਵੱਧ ਤਨਖਾਹ ਦਿੱਤੀ ਜਾ ਰਹੀ ਹੈ,ਜੋ ਕਿ ਸਰਾਸਰ ਝੂਠ ਬੋਲਿਆ ਜਾ ਰਿਹਾ ਹੈ। ਉਕਤ ਝੂਠ ਦਾ ਡੱਟਵਾਂ ਜਵਾਬ ਸੋਸ਼ਲ ਮੀਡੀਆ ਰਾਹੀਂ ਪੋਸਟਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਦੇ ਝੂਠ ਦਾ ਭਾਂਡਾ ਚੁਰਾਹੇ ਵਿੱਚ ਭੰਨਦੇ ਹੋਏ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜਥੇ ਵਿੱਚ ਸ਼ਾਮਲ ਆਗੂਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਦਾ ਮਾਣ-ਸਨਮਾਨ ਕਰਦੇ ਹੋਏ ਪੰਜਾਬ ਸਰਕਾਰ 18 ਪ੍ਰਤੀਸ਼ਤ ਡੀਏ ਤੁਰੰਤ ਜਾਰੀ ਕਰੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ, ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਲਈ ਗੰਭੀਰ ਨਾ ਹੋਏ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਕੱਤਰੇਤ ਤੋਂ ਸਤੌਜ ਦੀ ਵਾਪਸੀ ਦੇ ਐਲਾਨ ਨੂੰ ਅਮਲੀ ਰੂਪ ਦੇਣ ਲਈ ਲਈ ਸੰਘਰਸ਼ਾਂ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਲਈ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਿੱਜੀ ਤੌਰ ਤੇ ਜ਼ਿੰਮੇਵਾਰ ਹੋਣਗੇ। ਅੱਜ ਦੇ ਜਥੇ ਵਿੱਚ ਮੋਹਣ ਸਿੰਘ ਭੱਟੀ, ਪ੍ਰਮੋਦ ਕੁਮਾਰ ਜੋਸ਼ੀ, ਸੀਤਲ ਰਾਮ ਬੰਗਾ, ਨਿਰਮੋਲਕ ਸਿੰਘ ਹੀਰਾ, ਗੁਰਮੀਤ ਰਾਮ ਲੁੱਗਾ, ਪ੍ਰਿੰਸੀਪਲ ਵਰਿੰਦਰ ਮੋਹਣ ਮਹੇ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ, ਕੇਕੇ ਪਾਂਡੇ, ਅਸ਼ੋਕ ਕੁਮਾਰ, ਹਰਬੰਸ ਲਾਲ, ਬਖਸ਼ੀ ਰਾਮ ਫਿਲੌਰ ਆਦਿ ਜੁਝਾਰੂ ਪੈਨਸ਼ਨਰ ਸਾਥੀ ਸ਼ਾਮਲ ਹੋਏ।