ਅੰਡਰ ਬਰਿਜਾਂ ’ਚ ਪਾਣੀ ਭਰਨਾ ਲੋਕਾਂ ਲਈ ਮੁਸੀਬਤ ਬਣਿਆ
ਅੰਡਰ ਬਰਿਜਾਂ ਵਿੱਚ ਪਾਣੀ ਭਰਨ ਨਾਲ ਲੋਕਾਂ ਨੂੰ ਕਰਨਾ ਪੈਂਦਾ ਮੁਸ਼ਕਿਲਾਂ ਦਾ ਸਾਹਮਣਾ।
Publish Date: Sun, 14 Jun 2026 06:57 PM (IST)
Updated Date: Sun, 14 Jun 2026 07:00 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਰੇਲਵੇ ਵਿਭਾਗ ਵੱਲੋਂ ਬਣਾਏ ਗਏ ਅੰਡਰ ਬ੍ਰਿਜ ਲੋਕਾਂ ਲਈ ਵੱਡੀ ਮੁਸੀਬਤ ਬਣਦੇ ਜਾ ਰਹੇ ਹਨ। ਥੋੜ੍ਹੀ ਜਿਹੀ ਬਰਸਾਤ ਤੋਂ ਬਾਅਦ ਅੰਡਰ ਬ੍ਰਿਜ ਵਿਚ ਪਾਣੀ ਭਰ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਜਾਂਦੀ ਹੈ ਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਤਾਜ਼ਾ ਤਸਵੀਰਾਂ ਵਿਚ ਵੀ ਦੇਖਿਆ ਜਾ ਸਕਦਾ ਹੈ ਕਿ ਅੰਡਰ ਬ੍ਰਿਜ ਵਿਚ ਪਾਣੀ ਖੜ੍ਹਾ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਤੇ ਪੈਦਲ ਲੰਘਣ ਵਾਲਿਆਂ ਨੂੰ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਰਸਤਾ ਪਾਰ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ, ਪਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਰੇਲਵੇ ਵਿਭਾਗ ਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੇ ਅੰਡਰ ਬ੍ਰਿਜ ਵਿਚ ਪਾਣੀ ਦੀ ਨਿਕਾਸੀ ਦਾ ਸਥਾਈ ਪ੍ਰਬੰਧ ਕਰਵਾ ਕੇ ਲੋਕਾਂ ਨੂੰ ਇਸ ਮੁਸੀਬਤ ਤੋਂ ਛੁਟਕਾਰਾ ਦਿਵਾਉਣ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ। 50 ਤੋਂ ਵੱਧ ਪਿੰਡਾਂ ਦੇ ਵਾਸੀਆਂ ਨੂੰ ਬਰਸਾਤਾਂ ਦੇ ਦਿਨਾਂ ’ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈਂਦਾ ਹੈ। ਸੁਲਤਾਨਪੁਰ ਲੋਧੀ ਦੇ ਦੋਵੇ ਅੰਡਰ ਬ੍ਰਿਜਾਂ ਦੀ ਹਾਲਤ ਬਹੁਤ ਹੀ ਖਸਤਾ ਹੈ। ਜਾਨਮਾਲ ਦਾ ਨੁਕਸਾਨ ਹੋਣ ਦਾ ਡਰ ਹੈ। ਬਾਰਿਸ਼ ਮੌਕੇ ਦੋਵੇ ਅੰਡਰ ਬ੍ਰਿਜਾਂ ’ਚ ਪਾਣੀ ਖੜਾ ਹੋਣ ’ਤੇ ਸ਼ਹਿਰ ਵਾਸੀਆ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਗੁਰੂਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪੁਹੰਚਦੀ ਹੈ। ਸ਼ਹਿਰ ਵਾਸੀਆਂ ਵਲੋਂ ਕੇਂਦਰੀ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਰੇਲਵੇ ਕਰਮਚਾਰੀਆ ਵੱਲੋਂ ਅਸਥਾਈ ਤੌਰ ’ਤੇ ਪਾਣੀ ਦੀ ਨਿਕਾਸੀ ਕੀਤੀ ਜਾਂਦੀ, ਪਰੰਤੂ ਇਸ ਦਾ ਪੱਕਾ ਹੱਲ ਕੀਤਾ ਜਾਵੇ।