ਸਵ. ਬਾਦਲ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਯਾਦ ਕੀਤਾ ਜਾਂਦਾ : ਲਵਲੀ ਵਾਲੀਆ
ਲੋਕ ਯਾਦ ਕਰ ਰਹੇ ਪ੍ਰਕਾਸ਼ ਸਿੰਘ ਬਾਦਲ ਵਲੋਂ ਇੰਡਸ਼ਟਰੀ ਲਈ ਕੀਤੇ ਕੰਮ-ਲਵਲੀ ਵਾਲੀਆ
Publish Date: Thu, 11 Jun 2026 06:55 PM (IST)
Updated Date: Thu, 11 Jun 2026 06:56 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੂਬੇ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨਵੈਸਟ ਪੰਜਾਬ ਵਰਗੇ ਸਿੰਗਲ-ਵਿੰਡੋ ਸਿਸਟਮ ਤੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸਮਿਟ ਦੀ ਸ਼ੁਰੂਆਤ ਨਾਲ ਸੂਬੇ ਵਿਚ ਅੰਤਰਰਾਸ਼ਟਰੀ ਤੇ ਘਰੇਲੂ ਨਿਵੇਸ਼ਾਂ ਨੂੰ ਭਾਰੀ ਹੁਲਾਰਾ ਮਿਲਿਆ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਇਕ ਪ੍ਰੈੱਸ ਬਿਆਨ ਜਾਰੀ ਕਰ ਕਹੀ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਉਦਯੋਗਿਕ ਇਕਾਈਆਂ ਤੋਂ ਪੀਕ ਲੋਡ ਚਾਰਜਿਜ਼ ਖ਼ਤਮ ਕਰ ਦਿੱਤਾ ਸੀ, ਫੈਕਟਰੀਆਂ ਤੇ ਕਾਰੋਬਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਲਈ ਜ਼ਰੂਰੀ ਐੱਨਓਸੀ ਦੀ ਸ਼ਰਤ ਨੂੰ ਖ਼ਤਮ ਕੀਤਾ ਸੀ, ਉਦਯੋਗਪਤੀਆਂ ਦੀ ਸਹੂਲਤ ਲਈ ਇਨਵੈਸਟ ਪੰਜਾਬ ਦੀ ਸਥਾਪਨਾ ਕੀਤੀ ਗਈ, ਜਿਸ ਤਹਿਤ 23 ਵਿਭਾਗਾਂ ਦੀਆਂ ਮਨਜ਼ੂਰੀਆਂ ਇਕ ਮਹੀਨੇ ਦੇ ਅੰਦਰ-ਅੰਦਰ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੀ ਸੂਬੇ ਵਿਚ ਵਪਾਰ ਤੇ ਕੁਨੈਕਟੀਵਿਟੀ ਨੂੰ ਵਧਾਉਣ ਲਈ ਮੋਹਾਲੀ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਸਥਾਪਿਤ ਕੀਤਾ ਗਿਆ ਸੀ। ਮਿਕਸਡ ਲੈਂਡ ਯੂਜ਼ ਵਾਲੇ ਇਲਾਕਿਆਂ ਵਿਚ ਚੱਲ ਰਹੇ ਛੋਟੇ ਉਦਯੋਗਾਂ ਨੂੰ ਵਿਸ਼ੇਸ਼ ਰਾਹਤ ਤੇ ਨਿਯਮਾਂ ਵਿਚ ਢਿੱਲ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮੇਂ ਦੌਰਾਨ ਬੁਨਿਆਦੀ ਢਾਂਚੇ (ਸੜਕਾਂ, ਹਾਈਵੇਅ) ਨੂੰ ਮਜ਼ਬੂਤ ਕੀਤਾ ਗਿਆ ਤੇ ਸੂਬੇ ਵਿਚ ਵਪਾਰ ਨੂੰ ਗਲੋਬਲ ਪੱਧਰ ’ਤੇ ਲਿਜਾਣ ਲਈ ਲੱਖਾਂ-ਕਰੋੜਾਂ ਦੇ ਨਿਵੇਸ਼ ਸਮਝੌਤੇ ਕੀਤੇ ਗਏ ਸਨ। ਬਲਜੀਤ ਵਾਲੀਆ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜੇ ਵਿਕਾਸ ਪੁਰਸ਼ ਵੀ ਕਿਹਾ ਜਾਵੇ ਤਾਂ ਅਤਿਕਥਨੀ ਨਹੀਂ ਹੋਵੇਗਾ। ਉਨ੍ਹਾਂ ਸਿੱਖ ਇਤਿਹਾਸ, ਆਜ਼ਾਦੀ ਸੰਘਰਸ਼ ਤੇ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਕਈ ਯਾਦਗਾਰਾਂ ਵੀ ਬਣਾਈਆਂ, ਜਿਨ੍ਹਾਂ ਚ ਵਿਰਾਸਤ-ਏ-ਖ਼ਾਲਸਾ, ਫਤਹਿ ਬੁਰਜ, ਹਰਿਮੰਦਰ ਸਾਹਿਬ ਗਲਿਆਰਾ ਤੇ ਜੰਗ-ਏ-ਆਜ਼ਾਦੀ ਯਾਦਗਾਰ ਤੇ ਛੋਟਾ ਘੱਲੂਘਾਰਾ ਮੈਮੋਰੀਅਲ (ਕਾਹਨੂੰਵਾਲ ਦੀ ਛੰਭ) ਆਦਿ ਮੁੱਖ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਵੇਲੇ ਹੀ ਬਾਦਲ ਸਾਹਿਬ ਵੱਲੋਂ ਕਰਤਾਰਪੁਰ ਸਾਹਿਬ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਜੰਗ-ਏ-ਆਜ਼ਾਦੀ ਤਿਆਰ ਕਰਵਾਇਆ ਗਿਆ। ਸ.ਪ੍ਰਕਾਸ਼ ਸਿੰਘ ਬਾਦਲ ਨੂੰ ਇਤਿਹਾਸ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ, ਸਦਭਾਵਨਾ ਦੇ ਪ੍ਰਤੀਕ, ਉਦਾਰਵਾਦੀ ਸੋਚ ਦੇ ਮਾਲਕ ਤੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਵਾਲੇ ਯੁੱਗ-ਪੁਰਸ਼ ਵਜੋਂ ਹਮੇਸ਼ਾ ਯਾਦ ਕਰਦਾ ਰਹੇਗਾ। ਉਨ੍ਹਾਂ ਨੇ ਵਿਸ਼ਵਾਸ਼ ਪ੍ਰਗਟਾਇਆ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਫਿਰ ਤੋਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਲੋਕ ਅਕਾਲੀ ਦਲ ਦਾ ਸਾਥ ਦੇਣਗੇ।