ਲੋਕਾਂ ਵਿੱਚ ਭਾਜਪਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹੈ : ਖੋਜੇਵਾਲ ਲੋਕਾਂ ਵਿੱਚ ਭਾਜਪਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ : ਖੋਜੇਵਾਲ
Publish Date: Wed, 08 Jul 2026 10:31 PM (IST)
Updated Date: Wed, 08 Jul 2026 10:33 PM (IST)
ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨਾਲ ਕੀਤੀ ਮੁਲਾਕਾਤ ਅਗਾਮੀ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ ਪੰਜਾਬੀ ਜਾਗਰਣ ਪ੍ਰ੍ਤੀਨਿਧ, ਕਪੂਰਥਲਾ : ਭਾਜਪਾ ਦੀ ਮਜ਼ਬੂਤੀ ਤੇ ਅਗਾਮੀ ਪ੍ਰੋਗਰਾਮਾਂ ਸਬੰਧੀ ਰਣਨੀਤੀ ਤਿਆਰ ਕਰਨ ਦੇ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜਾਅ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਵੀ ਦੁਹਰਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਮਜ਼ਬੂਤੀ ਨਾਲ ਚੋਣ ਲੜੇਗੀ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਟੀਚਾ ਇੱਕ ਅਜਿਹੀ ਸਰਕਾਰ ਬਣਾਉਣਾ ਹੈ ਜੋ ਪੰਜਾਬ, ਪੰਜਾਬੀਆਂ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲੋਕਾਂ ਦਾ ਪਾਰਟੀ ਵਿੱਚ ਵਿਸ਼ਵਾਸ ਵਧਾ ਰਹੀਆਂ ਹਨ। ਇਸ ਮੁਲਾਕਾਤ ਉਪਰੰਤ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬਾ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਨਸ਼ੇ ਦੀ ਸਮੱਸਿਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕਈ ਪਰਿਵਾਰ ਇਸ ਕਾਰਨ ਤਬਾਹੀ ਦੇ ਕੰਢੇ ’ਤੇ ਪਹੁੰਚ ਗਏ ਹਨ। ਕਿਸਾਨ, ਵਪਾਰੀ, ਆੜ੍ਹਤੀ ਅਤੇ ਆਮ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪ੍ਰੇਸ਼ਾਨ ਹਨ। ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਪੂਰਾ ਨਹੀਂ ਕੀਤਾ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਆਪ ਦੇ ਰਾਜ ਵਿੱਚ ਜ਼ਿਆਦਾ ਵਿਗੜੀ ਹੈ। ਆਏ ਦਿਨ ਗੋਲੀਬਾਰੀ, ਗੈਂਗਸਟਰਵਾਦ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਲੋਕ ਹੁਣ ਅਸਲ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਇਸ ਲਈ ਇੱਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਭਾਜਪਾ ਸਰਕਾਰਾਂ ਨੇ ਵਿਕਾਸ ਅਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਮਿਸਾਲ ਕਾਇਮ ਕੀਤੀ ਹੈ। ਪੰਜਾਬ ਨੂੰ ਵੀ ਅਜਿਹੇ ਹੀ ਵਿਕਾਸ ਮਾਡਲ ਦੀ ਲੋੜ ਹੈ। ਭਾਜਪਾ ਦਾ ਟੀਚਾ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਦੇ ਰਾਹ ’ਤੇ ਲਿਆਉਣਾ ਹੈ। ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।