- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦਾ ਭਰੋਸਾ ਕਾਂਗਰਸ ਤੇ ਹੈ,ਵਿਧਾਨ ਸਭਾ ਚੋਣਾਂ ਵਿੱਚ ਹੋਵੇਗੀ ਇਤਿਹਾਸਕ ਜਿੱਤ-ਨਰੇਸ਼ ਭਾਰਦਵਾਜ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਫਗਵਾੜਾ ਖੇਤਰ ਵਿਚ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਕਾਂਗਰਸ ਪਾਰਟੀ ਫਗਵਾੜਾ ਹਲਕੇ ਵਿਚ ਕਈ ਮੀਟਿੰਗਾਂ ਕਰ ਰਹੀ ਹੈ। ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਪਾਰਟੀ ਵਰਕਰਾਂ ਨੂੰ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਸਰਬਪੱਖੀ ਤੇ ਸੰਤੁਲਿਤ ਵਿਕਾਸ ਲਈ ਪ੍ਰਤੀਬੱਧ ਹੈ ਤੇ ਇਸ ਵਿਚ ਸੂਬੇ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਜਾਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਵਿਸ਼ਵਾਸ ਕਾਂਗਰਸ ਪਾਰਟੀ ਨਾਲ ਹੈ, ਇਸ ਲਈ ਇਹ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਖਸਤਾ ਹਾਲਤ ਵਿਚ ਹਨ ਤੇ ਆਮ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਵਿਕਾਸ ਪ੍ਰੋਜੈਕਟਾਂ ਨੂੰ ਅਣਗੌਲਿਆ ਕਰਨ ਨਾਲ ਖੇਤਰ ਦੇ ਲੋਕਾਂ ਵਿਚ ਵਿਆਪਕ ਨਿਰਾਸ਼ਾ ਫੈਲ ਗਈ ਹੈ। ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਨਰੇਸ਼ ਭਾਰਦਵਾਜ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਦੀਵਾਲੀਆਪਨ ਦੇ ਕੰਢੇ ਪਹੁੰਚ ਗਈ ਹੈ, ਜਿਸ ਦਾ ਸਭ ਤੋਂ ਵੱਡਾ ਨੁਕਸਾਨ ਗਰੀਬਾਂ, ਮਜ਼ਦੂਰਾਂ ਨੂੰ ਹੋ ਰਿਹਾ ਹੈ। ਇਕ ਪਾਸੇ ਕੇਂਦਰ ਸਰਕਾਰ ਜੀਵਨ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਜਾ ਰਹੇ ਹਨ। ਤੇਲ ਦੀਆਂ ਵਧਦੀਆਂ ਕੀਮਤਾਂ ਰੋਜ਼ਾਨਾ ਲੋੜਾਂ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰ ਰਹੀਆਂ ਹਨ। ਪਿਛਲੀ ਕਾਂਗਰਸ ਸਰਕਾਰ ਦੇ ਸ਼ਾਸਨ ਦੀ ਤੁਲਨਾ ਕਰਦੇ ਹੋਏ ਨਰੇਸ਼ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ ਤੇ ਠੋਸ ਰਣਨੀਤੀਆਂ ਕਾਰਨ ਦੇਸ਼ ਦੀ ਆਰਥਿਕ ਸਥਿਤੀ ਮਜ਼ਬੂਤ ਸੀ। ਇਸ ਦੇ ਉਲਟ ਮੌਜੂਦਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ, ਉਨ੍ਹਾਂ ’ਤੇ ਭਾਰੀ ਟੈਕਸਾਂ ਦਾ ਬੋਝ ਪਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਭਾਜਪਾ ਦੀਆਂ ਇਨ੍ਹਾਂ ਕਠੋਰ ਨੀਤੀਆਂ ਵਿਰੁੱਧ ਦੇਸ਼ ਵਾਸੀਆਂ ਵਿਚ ਜਾਗਰੂਕਤਾ ਪੈਦਾ ਕਰਦੀ ਰਹੇਗੀ ਤੇ ਉਨ੍ਹਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।ਉਨ੍ਹਾਂ ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਮਿਹਨਤਕਸ਼ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਕਾਂਗਰਸ ਦਾ ਸਮਰਥਨ ਕਰੋ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾ ਕੇ ਇਕ ਮਜ਼ਬੂਤ ਤੇ ਲੋਕ-ਪੱਖੀ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰਨਗੇ।