ਬੇਗੋਵਾਲ ’ਚ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ ਬੇਗੋਵਾਲ ਵਿੱਚ ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਕਰਨਾ ਪੈ ਪ੍ਰੇਸ਼ਾਨੀਆਂ ਦਾ ਸਾਹਮਣਾ
Publish Date: Tue, 03 Nov 2026 07:43 PM (IST)
Updated Date: Tue, 03 Nov 2026 07:44 PM (IST)
ਭਾਰੀ ਵਾਹਨਾਂ ਦੀ ਆਵਾਜਾਈ ਨੇ ਵਧਾਈ ਮੁਸ਼ਕਲ ਪ੍ਰਸ਼ਾਸਨਿਕ ਹੁਕਮਾਂ ਦੀਆਂ ਉੱਡ ਰਹੀਆਂ ਧੱਜੀਆਂ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਕਸਬਾ ਬੇਗੋਵਾਲ ਵਿੱਚ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਗੋਵਾਲ ਮੇਨ ਸੜਕ ਦੀ ਮਾੜੀ ਹਾਲਤ ਤੇ ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਥੋਂ ਤੱਕ ਕਿ ਦੁਕਾਨਦਾਰਾਂ ਦੇ ਦੁਕਾਨਾਂ ਅੰਦਰ ਵੀ ਘੱਟਾ, ਮਿੱਟੀ, ਧੂੜ ਉੱਡ ਕੇ ਆ ਰਹੀ ਹੈ, ਜਿਸ ਨਾਲ ਦੁਕਾਨਦਾਰ ਪਰੇਸ਼ਾਨ ਨਜ਼ਰ ਆ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਸਮੇਂ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਆਉਂਦੀਆਂ ਹਨ। ਲੋਕਾਂ ਨੇ ਦੋਸ਼ ਲਗਾਇਆ ਕਿ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਭਾਰੀ ਵਾਹਨਾਂ ਦਾ ਲੰਘਣਾ ਜਾਰੀ ਹੈ, ਜਿਸ ਕਾਰਨ ਸੜਕ ਦੀ ਹਾਲਤ ਹੋਰ ਖਰਾਬ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖਤਰਾ ਵੀ ਬਣਿਆ ਹੋਇਆ ਹੈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤੇ ਭਾਰੀ ਵਾਹਨਾਂ ਦੀ ਆਵਾਜਾਈ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ। ਲੋਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਵਾਹਨਾਂ ’ਤੇ ਪਾਬੰਦੀ ਲਗਾਈ ਜਾਵੇ ਤੇ ਸੜਕ ਦੀ ਮੁਰੰਮਤ ਦਾ ਕੰਮ ਜਲਦ ਕੀਤਾ ਜਾਵੇ ਤਾਂ ਜੋ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆਵੇ।