ਲੋਕ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਕ ਚੁੱਕੇ : ਸਾਬੀ ਲੰਕੇਸ਼
ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ : ਸਾਬੀ ਲੰਕੇਸ਼
Publish Date: Mon, 06 Apr 2026 09:52 PM (IST)
Updated Date: Mon, 06 Apr 2026 09:53 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ 10 ਲੱਖ ਵਾਲੀ ਸਿਹਤ ਬੀਮਾ ਯੋਜਨਾ ਜੋ ਸੂਬੇ ਦੇ ਲੋਕਾਂ ਲਈ ਚਲਾਈ ਜਾ ਰਹੀ ਹੈ, ’ਤੇ ਸਵਾਲ ਚੁੱਕਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਸਾਬੀ ਲੰਕੇਸ਼ ਨੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਸਿਹਤ ਬੀਮਾ ਯੋਜਨਾ ਨੂੰ ਸਿਰਫ ਮੁਹੱਲਾ ਕਲੀਨਿਕ ਤੇ ਸਰਕਾਰੀ ਹਸਪਤਾਲ ਤੱਕ ਹੀ ਕਿਉਂ ਸੀਮਿਤ ਰੱਖਿਆ ਗਿਆ। ਉਨ੍ਹਾਂ ਬੀਤੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਉਂ ਲੋਕਾਂ ਨੂੰ ਇਕ ਵਾਰ ਫਿਰ ਮੂਰਖ ਬਣਾਇਆ ਜਾ ਰਿਹਾ। ਉਕਤ ਵੀਡੀਓ ਵਿਚ ਸਾਫ ਦਿਖ ਰਿਹਾ ਹੈ ਕਿ ਕਿਵੇਂ ਇਕ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਕਾਰਡ ਨੂੰ ਲੈ ਕੇ ਦਰ-ਦਰ ਠੋਕਰਾਂ ਖਾ ਰਿਹਾ ਹੈ। ਇਸ ਤਰ੍ਹਾਂ ਦੀਆਂ ਖ਼ਬਰਾਂ ਪੰਜਾਬ ਦੇ ਹੋਰ ਸ਼ਹਿਰਾਂ, ਪਿੰਡਾਂ, ਮੁਹੱਲਿਆਂ ਵਿਚੋਂ ਵੀ ਆ ਰਹੀਆਂ ਹਨ। ਸਰਕਾਰ ਨੂੰ ਤੁਰੰਤ ਇਸ ਮੁੱਦੇ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਨਾ ਹੋਵੇ। ਸਾਬੀ ਲੰਕੇਸ਼ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਇਕ ਵੱਡੀ ਲਹਿਰ ਚੱਲ ਰਹੀ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਪੈਰ ਉਖੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕੋ-ਇਕ ਖੇਤਰੀ ਜਥੇਬੰਦੀ ਹੈ ਜੋ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਸਲ ਪਹਿਰੇਦਾਰ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਜੋ ਵਿਕਾਸ ਦੀਆਂ ਲਹਿਰਾਂ ਚੱਲੀਆਂ ਸਨ, ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ। ਸਾਬੀ ਲੰਕੇਸ਼ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਨੌਜਵਾਨ ਰੋਜ਼ਗਾਰ ਲਈ ਸੜਕਾਂ ’ਤੇ ਹਨ ਤੇ ਨਸ਼ਿਆਂ ਦਾ ਛੇਵਾਂ ਦਰਿਆ ਵਗ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂ ’ਤੇ ਵੋਟਾਂ ਲੈ ਕੇ ਸੱਤਾ ਵਿਚ ਆਈ ਪਾਰਟੀ ਨੇ ਲੋਕਾਂ ਨੂੰ ਸਿਵਾਏ ਝੂਠੇ ਲਾਰਿਆਂ ਦੇ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਕੱਢੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ।