ਲੋਕ ਰਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ : ਲੁਬਾਣਾ
ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ : ਚੇਅਰਮੈਨ ਲੁਬਾਣਾ
Publish Date: Sun, 22 Feb 2026 07:22 PM (IST)
Updated Date: Sun, 22 Feb 2026 07:24 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਲਗਾਤਾਰ ਸ਼ਾਮਲ ਹੋ ਰਹੇ ਹਨ ਤੇ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਆਮ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਰੇ-ਲੱਪੇ ਵਾਲੀ ਰਾਜਨੀਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਮਾਨਦਾਰ ਕੰਮਾਂ ’ਤੇ ਮੋਹਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਪਹਿਲੀ ਵਾਰ ਕੋਈ ਅਜਿਹੀ ਸਰਕਾਰ ਆਈ ਹੈ ਜੋ ਆਮ ਲੋਕਾਂ ਦੇ ਦਰਦ ਨੂੰ ਸਮਝਦੀ ਹੈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੱਲ ਕਰ ਰਹੀ ਹੈ। ਲੁਬਾਣਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਲੋਕ ਬਿਜਲੀ ਦੇ ਭਾਰੀ ਬਿੱਲਾਂ ਕਾਰਨ ਪ੍ਰੇਸ਼ਾਨ ਰਹਿੰਦੇ ਸਨ, ਪਰ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਹਰ ਗਰੀਬ ਤੇ ਮੱਧ ਵਰਗੀ ਪਰਿਵਾਰ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਹਨ ਤੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਕੇਵਲ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੁਬਾਣਾ ਨੇ ਕਿਹਾ ਕਿ ਪੰਜਾਬ ਭਰ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਸਦਕਾ ਹੁਣ ਲੋਕਾਂ ਨੂੰ ਆਪਣੇ ਇਲਾਜ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ, ਸਗੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਟੈਸਟ ਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਿੱਤੀ ਗਈ ਹੈ, ਜਿਸ ਵਿਚ ਹਰ ਇਕ ਪਰਿਵਾਰ ਨੂੰ 10-10 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਵਾਇਆ ਗਿਆ ਹੈ। ਜੋ ਮਹਿਲਾਵਾਂ ਨੂੰ 1100 ਰੁਪਏ ਮਹੀਨਾ ਦੇਣ ਦੀ ਗੱਲ ਹੈ ਉਹ ਵੀ ਅਪ੍ਰੈਲ ਦੇ ਵਿਚ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ ਦੇ ਖੇਤਰ ਵਿਚ ਵੀ ਇਨਕਲਾਬੀ ਕਦਮ ਚੁੱਕੇ ਹਨ ਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਦਾ ਬੱਚਾ ਵੀ ਉੱਚੀ ਸਿੱਖਿਆ ਪ੍ਰਾਪਤ ਕਰ ਸਕੇ।