ਹਾਈਵੇ ’ਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਲੋਕ ਸਾਥ ਦੇਣ : ਮੱਖਣ ਸਿੰਘ ਹਾਈਵੇ ’ਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਲੋਕ ਐੱਸਐੱਸਐੱਫ ਦਾ ਸਾਥ ਦੇਣ: ਮੱਖਣ ਸਿੰਘ
Publish Date: Fri, 04 Sep 2026 08:34 PM (IST)
Updated Date: Fri, 04 Sep 2026 08:37 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸੜਕਾਂ ’ਤੇ ਵਧ ਰਹੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਵੱਲੋਂ ਲਗਾਤਾਰ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਚਹੇੜੂ ਹਾਈਵੇ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਮੱਖਣ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਾਈਵੇ ’ਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਐੱਸਐੱਸਐੱਫ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਹਾਈਵੇ ’ਤੇ ਵਾਹਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਅਕਸਰ ਟ੍ਰੈਫਿਕ ਜਾਮ ਤੇ ਹਾਦਸਿਆਂ ਦੀ ਸਥਿਤੀ ਬਣ ਜਾਂਦੀ ਹੈ। ਅਜਿਹੇ ਹਾਲਾਤਾਂ ਵਿੱਚ ਵਾਹਨ ਚਾਲਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਵਾਹਨ ਨਿਰਧਾਰਤ ਥਾਵਾਂ ’ਤੇ ਹੀ ਖੜ੍ਹੇ ਕਰਨ ਤੇ ਹਾਈਵੇ ’ਤੇ ਬਿਨਾਂ ਲੋੜ ਵਾਹਨ ਰੋਕਣ ਤੋਂ ਗੁਰੇਜ਼ ਕਰਨ। ਮੱਖਣ ਸਿੰਘ ਨੇ ਕਿਹਾ ਕਿ ਐੱਸਐੱਸਐੱਫ ਦੀਆਂ ਟੀਮਾਂ ਹਾਈਵੇ ’ਤੇ ਲਗਾਤਾਰ ਗਸ਼ਤ ਕਰਦੀਆਂ ਹਨ ਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਮੌਕੇ ’ਤੇ ਪਹੁੰਚ ਕੇ ਲੋਕਾਂ ਦੀ ਮਦਦ ਕਰਨ ਲਈ ਤਿਆਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਲੋਕ ਘਬਰਾਉਣ ਦੀ ਬਜਾਏ ਪੁਲਿਸ ਤੇ ਐੱਸਐੱਸਐੱਫ ਨੂੰ ਤੁਰੰਤ ਸੂਚਨਾ ਦੇਣ। ਉਨ੍ਹਾਂ ਖਾਸ ਤੌਰ ’ਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣ, ਕਾਰ ਚਾਲਕਾਂ ਨੂੰ ਸੀਟ ਬੈਲਟ ਲਗਾਉਣ ਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਤੋਂ ਵੀ ਬਚਣ ਲਈ ਕਿਹਾ।