
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕ ਕਰਨ ਪੁਲਿਸ ਦਾ ਪੂਰਨ ਤੌਰ ’ਤੇ ਸਹਿਯੋਗ: ਏ.ਐਸ.ਆਈ. ਪੂਰਨ ਚੰਦ

ਹਰੀਸ਼ ਭੰਡਾਰੀ ਪੰਜਾਬੀ ਜਾਗਰਣ
ਫਗਵਾੜਾ : ਫਗਵਾੜਾ ਦੇ ਥਾਣਾ ਰਾਵਲਪਿੰਡੀ ਦੇ ਇੰਚਾਰਜ ਏਐੱਸਆਈ ਪੂਰਨ ਚੰਦ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਪੂਰਨ ਤੌਰ ’ਤੇ ਸਹਿਯੋਗ ਕਰਨ, ਤਾਂ ਜੋ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣੀ ਰਹੇ। ਉਨ੍ਹਾਂ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਤੇ ਪਬਲਿਕ ਦੇ ਆਪਸੀ ਸਹਿਯੋਗ ਨਾਲ ਹੀ ਸਮਾਜ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਲਾਕੇ ਵਿੱਚ ਕੋਈ ਸ਼ੱਕੀ ਗਤੀਵਿਧੀ, ਅਪਰਾਧ ਜਾਂ ਸਮਾਜ ਵਿਰੋਧੀ ਕਾਰਵਾਈ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਤੇ ਕਿਸੇ ਵੀ ਮਾਮਲੇ ਸਬੰਧੀ ਜਾਣਕਾਰੀ ਲਈ ਪੁਲਿਸ ਨਾਲ ਸਿੱਧਾ ਸੰਪਰਕ ਕਰਨ। ਏਐੱਸਆਈ ਪੂਰਨ ਚੰਦ ਨੇ ਆਖਿਆ ਕਿ “ਪੁਲਿਸ ਤੇ ਪਬਲਿਕ ਇੱਕ-ਦੂਜੇ ਦੇ ਸਹਿਯੋਗ ਨਾਲ ਹੀ ਇੱਕ ਸੁਰੱਖਿਅਤ ਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਕਰ ਸਕਦੇ ਹਨ।” ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਹਰ ਜਾਇਜ਼ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੀ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਕਾਨੂੰਨ ਅਨੁਸਾਰ ਹੱਲ ਕਰਨ ਲਈ ਯਤਨਸ਼ੀਲ ਹੈ।