ਅਕਾਲੀ ਸਰਕਾਰ ਨੂੰ ਲੋਕ ਅੱਜ ਵੀ ਯਾਦ ਕਰਦੇ ਨੇ : ਆਹਲੂਵਾਲੀਆ ਅਕਾਲੀ ਸਰਕਾਰ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ-ਹਰਵਿੰਦਰ ਆਹਲੂਵਾਲੀਆ
Publish Date: Thu, 22 Oct 2026 07:35 PM (IST)
Updated Date: Thu, 22 Oct 2026 07:36 PM (IST)
ਪੰਜਾਬੀ ਜਾਗਰਣ ਪ੍ਰਤੀਨਿਦ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਮਜ਼ਬੂਤ ਭੂਮਿਕਾ ਨਿਭਾਏਗਾ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਆਹਲੂਵਾਲੀਆ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਸ਼ਹਿਰਾਂ ਲਈ ਕੀਤੇ ਗਏ ਵਿਕਾਸ ਕਾਰਜਾਂ ਨੂੰ ਅੱਜ ਵੀ ਲੋਕਾਂ ਨੂੰ ਯਾਦ ਹਨ। ਉਨ੍ਹਾਂ ਕਿਹਾ ਕਿ ਉਸ ਸਮੇਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਵੱਡੇ ਪੱਧਰ ’ਤੇ ਗ੍ਰਾਂਟਾਂ ਜਾਰੀ ਕਰਕੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਪਿੰਡਾਂ ਤੇ ਸ਼ਹਿਰਾਂ ਦਾ ਸੰਤੁਲਿਤ ਤੇ ਸਰਵਪੱਖੀ ਵਿਕਾਸ ਜ਼ਰੂਰੀ ਹੈ। ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ ਡਰੇਨੇਜ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਸੜਕਾਂ, ਸਫਾਈ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਹੋਰ ਜਨਤਕ ਸਹੂਲਤਾਂ ਦਾ ਸੁਧਾਰ ਵੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣੇ ਚਾਹੀਦੇ ਹਨ, ਤਾਂ ਜੋ ਲੋਕ ਇਨ੍ਹਾਂ ਦਾ ਲਾਭ ਲੈ ਸਕਣ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਇਆ ਜਾ ਸਕੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸ਼ਾਂਤੀ ਤੇ ਸੁਰੱਖਿਅਤ ਵਾਤਾਵਰਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਸਥਾਰ, ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਲੋਕਾਂ ਲਈ ਬਿਹਤਰ ਪ੍ਰਸ਼ਾਸਨ ਸਮੇਂ ਦੀਆਂ ਲੋੜਾਂ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਮੁੱਦੇ ਉਠਾਉਣ ਤੇ ਪੰਜਾਬ ਦੀ ਤਰੱਕੀ ਨਾਲ ਸਬੰਧਤ ਮਾਮਲਿਆਂ ’ਤੇ ਸਰਗਰਮ ਰਹਿਣ।