ਸਰਕਾਰ ਵਪਾਰੀਆਂ ਦਾ ਆਰਥਿਕ ਸ਼ੋਸ਼ਣ ਕਰ ਰਹੀ : ਨਰੇਸ਼ ਭਾਰਦਵਾਜ
ਪੰਜਾਬ ਨੂੰ ਦਹਿਸ਼ਤ ਦੇ ਸਾਏ ਵਿੱਚ ਧੱਕਣ ਵਾਲਿਆਂ ਨੂੰ 2027 ਵਿੱਚ ਜਨਤਾ ਮੂੰਹ ਤੋੜ ਜਵਾਬ ਦੇਵੇਗੀ- ਨਰੇਸ਼ ਭਾਰਦਵਾਜ
Publish Date: Sat, 06 Jun 2026 07:25 PM (IST)
Updated Date: Sat, 06 Jun 2026 07:26 PM (IST)

ਫਗਵਾੜਾ : ਪੰਜਾਬ ਨੂੰ ਦਹਿਸ਼ਤ ਦੇ ਸਾਏ ਵਿਚ ਧੱਕਣ ਵਾਲਿਆਂ ਨੂੰ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੂੰਹ ਤੋੜ ਜਵਾਬ ਦੇਣਗੇ। ਇਹ ਗੱਲ ਮਾਰਕੀਟ ਕਮੇਟੀ ਸਾਬਕਾ ਚੇਅਰਮੈਨ ਤੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ’ਤੇ ਸਵਾਲ ਉਠਾਉਂਦੇ ਹੋਏ ਕਹੀ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਖੂ ਵਿਚ ਕਾਲਾ ਗਾਬਾ ਦੇ ਕਤਲ ਨੇ ਪੂਰੇ ਸੂਬੇ ਵਿਚ ਸੋਗ ਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੇ ਵਪਾਰੀਆਂ ਲਈ ਕਾਰੋਬਾਰ ਕਰਨਾ ਮੁਸ਼ਕਲ ਬਣਾ ਦਿੱਤਾ ਹੈ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ, ਜਿਥੇ ਵਪਾਰੀਆਂ ਤੋਂ ਕਈ ਤਰ੍ਹਾਂ ਦੇ ਟੈਕਸ ਵਸੂਲੇ ਜਾਂਦੇ ਹਨ, ਉੱਥੇ ਉਨ੍ਹਾਂ ਨੂੰ ਜੀਐੱਸਟੀ, ਆਮਦਨ ਕਰ, ਜਾਇਦਾਦ ਟੈਕਸ, ਬਿਜਲੀ ਬਿੱਲ ਤੇ ਹੋਰ ਕਈ ਟੈਕਸ ਵੀ ਅਦਾ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਤੋਂ ਇਕੱਠੇ ਕੀਤੇ ਟੈਕਸਾਂ ਤੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦੇ ਰਹੀ ਹੈ ਪਰ ਵਪਾਰੀਆਂ ਨੂੰ ਕੋਈ ਵੀ ਸਹੂਲਤ ਨਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਜਦੋਂਕਿ ਵਪਾਰੀਆਂ ਤੋਂ 8 ਤੋਂ 10 ਰੁਪਏ ਪ੍ਰਤੀ ਯੂਨਿਟ ਵਸੂਲਣਾ ਵਪਾਰੀਆਂ ਨਾਲ ਧੋਖਾ ਹੈ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਇਕ ਪ੍ਰਮੁੱਖ ਵਪਾਰੀ ਦੇ ਦਿਨ-ਦਿਹਾੜੇ ਹੋਏ ਕਤਲ ਨੇ ਸਰਕਾਰ ਦੇ ਕਾਨੂੰਨ ਵਿਵਸਥਾ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਮੌਤ ਦੇ ਅਸਲ ਕਾਰਨਾਂ ਦੀ ਪਛਾਣ ਕਰਨ ਤੇ ਦੋਸ਼ੀਆਂ ਦੀ ਪਛਾਣ ਕਰਨ ਦੇ ਯੋਗ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਅਪਰਾਧਿਕ ਘਟਨਾਵਾਂ ਲੋਕਾਂ ਦਾ ਸਰਕਾਰ ਵਿਚ ਵਿਸ਼ਵਾਸ ਕਮਜ਼ੋਰ ਕਰ ਰਹੀਆਂ ਹਨ। ਕਾਰੋਬਾਰੀ, ਕਿਸਾਨ, ਨੌਜਵਾਨ ਤੇ ਆਮ ਜਨਤਾ ਆਪਣੀ ਸੁਰੱਖਿਆ ਪ੍ਰਤੀ ਚਿੰਤਤ ਹਨ। ਨਰੇਸ਼ ਭਾਰਦਵਾਜ ਨੇ ਕਾਲਾ ਗਾਬਾ ਕਤਲ ਕਾਂਡ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਾਲਾਤ ਜਲਦੀ ਸੁਧਾਰੇ ਜਾਣ ਤਾਂ ਜੋ ਪੰਜਾਬ ਦੇ ਕਾਰੋਬਾਰੀ ਤੇ ਆਮ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਕਰ ਸਕਣ।