ਬੀਤੇ 10 ਸਾਲਾਂ ’ਚ ਸ਼ਹਿਰ ਦੇ ਵਿਕਾਸ ਕਾਰਜ ਹੋਏ ਪ੍ਰਭਾਵਿਤ : ਜੀਤੀ ਖੇੜਾ ਬੀਤੇ 10 ਸਾਲਾਂ ਵਿੱਚ ਵਿਕਾਸ ਦੀਆਂ ਲੀਹਾਂ ਤੋਂ ਬੁਰੀ ਤਰ੍ਹਾਂ ਭਟਕਿਆ ਫਗਵਾੜਾ : ਜੀਤੀ ਖੇੜਾ
Publish Date: Tue, 10 Nov 2026 07:24 PM (IST)
Updated Date: Tue, 10 Nov 2026 07:27 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਵਿੰਗ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਬੀਤੇ 10 ਸਾਲਾਂ ਦੌਰਾਨ ਪੰਜਾਬ ਸਮੇਤ ਫਗਵਾੜਾ ਸ਼ਹਿਰ ਦੇ ਵਸਨੀਕਾਂ ਨੂੰ ਵਿਕਾਸ ਪੱਖੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਪੰਜ ਸਾਲ ਕਾਂਗਰਸ ਅਤੇ ਪੰਜ ਸਾਲ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਸ਼ਹਿਰ ਦਾ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਕੋਈ ਵੀ ਵੱਡਾ ਪ੍ਰੋਜੈਕਟ ਸ਼ਹਿਰ ਨੂੰ ਨਹੀਂ ਮਿਲ ਸਕਿਆ। ਜੀਤੀ ਖੇੜਾ ਨੇ ਕਿਹਾ ਕਿ ਅੱਜ ਤੋਂ ਦਸ ਸਾਲ ਪਹਿਲਾਂ ਫਗਵਾੜਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜ ਅੱਜ ਵੀ ਆਪਣੀ ਹੋਂਦ ਦਰਸਾ ਰਹੇ ਹਨ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਉਸ ਸਮੇਂ ਮਲਟੀਸਟੋਰੀ ਕਾਰ ਪਾਰਕਿੰਗ, ਸਟੇਡੀਅਮ, ਆਡੀਟੋਰੀਅਮ, ਫਗਵਾੜਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਅਤੇ ਪੁਲ ਵਰਗੇ ਅਹਿਮ ਵਿਕਾਸ ਕਾਰਜ ਕਰਵਾਏ ਗਏ ਸਨ। ਪਰ ਇਸ ਤੋਂ ਬਾਅਦ ਦੇ ਦਸ ਸਾਲਾਂ ਵਿੱਚ ਫਗਵਾੜਾ ਨੂੰ ਕੋਈ ਅਜਿਹਾ ਵੱਡਾ ਪ੍ਰੋਜੈਕਟ ਨਸੀਬ ਨਹੀਂ ਹੋਇਆ, ਜਿਸ ਨਾਲ ਸ਼ਹਿਰ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਫਗਵਾੜਾ ਦੇ ਸਰਬਪੱਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦਾ ਯੋਗਦਾਨ ਅਹਿਮ ਰਿਹਾ ਹੈ। ਹੁਣ ਸ਼ਹਿਰ ਵਾਸੀ ਵੀ ਪਿਛਲੇ ਸਮੇਂ ਦੌਰਾਨ ਹੋਏ ਅਤੇ ਨਾ ਹੋਏ ਵਿਕਾਸ ਕਾਰਜਾਂ ਦੀ ਤੁਲਨਾ ਕਰਨ ਲੱਗੇ ਹਨ। ਜੀਤੀ ਖੇੜਾ ਨੇ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਨੂੰ ਜਿਤਾ ਕੇ ਸ਼ਹਿਰ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣ।