
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

15 ਅਗਸਤ ਨੂੰ ਲੈ ਕੇ ਫਗਵਾੜਾ ਰੇਲਵੇ ਸਟੇਸ਼ਨ ਦੀ ਕੀਤੀ ਸਖ਼ਤੀ ਨਾਲ ਚੈਕਿੰਗ

ਹਰੀਸ਼ ਭੰਡਾਰੀ ਪੰਜਾਬੀ ਜਾਗਰਣ
ਫਗਵਾੜਾ : 15 ਅਗਸਤ ਮੌਕੇ ਜਿੱਥੇ ਫਗਵਾੜਾ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਪੁਲਿਸ ਮੁਸਤੈਦ ਨਜ਼ਰ ਆ ਰਹੀ ਹੈ, ਉਥੇ ਫਗਵਾੜਾ ਦੇ ਰੇਲਵੇ ਸਟੇਸ਼ਨ ਤੇ ਰੇਲ ਗੱਡੀਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਤਹਿਤ ਫਗਵਾੜਾ ਰੇਲਵੇ ਸਟੇਸ਼ਨ ’ਤੇ ਜੀਆਰਪੀ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਪੁਲਿਸ ਟੀਮਾਂ ਨੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ, ਪਲੇਟਫਾਰਮਾਂ, ਯਾਤਰੀਆਂ ਦੇ ਸਮਾਨ ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਜੀਆਰਪੀ ਫਗਵਾੜਾ ਦੇ ਰੇਲਵੇ ਪੁਲਿਸ ਇੰਚਾਰਜ ਏਐੱਸਆਈ ਸੁਖਵਿੰਦਰ ਸਿੰਘ ਨੇ ਪੁਲਿਸ ਟੀਮ ਨਾਲ ਸਟੇਸ਼ਨ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਹੀਂ ਵਰਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਤੇ ਲਾਵਾਰਿਸ ਸਮਾਨ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਰੇਲਵੇ ਸਟੇਸ਼ਨ ’ਤੇ ਆਉਣ ਵਾਲੇ ਹਰ ਯਾਤਰੀ ਨੂੰ ਸੁਰੱਖਿਆ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਸੁਖਵਿੰਦਰ ਸਿੰਘ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਸਟੇਸ਼ਨ ਜਾਂ ਰੇਲ ਗੱਡੀ ਵਿੱਚ ਕੋਈ ਵੀ ਲਾਵਾਰਿਸ ਜਾਂ ਸ਼ੱਕੀ ਚੀਜ਼ ਦੇਖਣ ਤਾਂ ਉਸ ਨੂੰ ਹੱਥ ਨਾ ਲਗਾਉਣ ਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਯਾਤਰੀਆਂ ਨੂੰ 15 ਅਗਸਤ ਦੇ ਮੱਦੇਨਜ਼ਰ ਸਟੇਸ਼ਨ ’ਤੇ ਸਮੇਂ ਸਿਰ ਪਹੁੰਚਣ, ਆਪਣੇ ਸਮਾਨ ਦੀ ਖੁਦ ਨਿਗਰਾਨੀ ਕਰਨ ਅਤੇ ਪੁਲਿਸ ਤੇ ਰੇਲਵੇ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਜੀਆਰਪੀ ਪੁਲਿਸ ਵੱਲੋਂ ਕਿਹਾ ਗਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਲਗਾਤਾਰ ਜਾਰੀ ਰਹਿਣਗੇ ਤੇ ਫਗਵਾੜਾ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।