ਝੋਟਾ ਕਤਲ ਮਾਮਲੇ ਨੂੰ ਲੈ ਕੇ ਫਗਵਾੜਾ ਮੁਕੰਮਲ ਬੰਦ ਰਿਹਾ ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਫਗਵਾੜਾ ਮੁਕੰਮਲ ਬੰਦ ਰਿਹਾ
Publish Date: Thu, 15 Oct 2026 07:14 PM (IST)
Updated Date: Thu, 15 Oct 2026 07:15 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਪੂਰੇ ਪੰਜਾਬ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸੇ ਸੱਦੇ ਦੇ ਤਹਿਤ ਫਗਵਾੜਾ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਹਿਰ ਨੂੰ ਪੂਰਨ ਤੌਰ ’ਤੇ ਬੰਦ ਕਰਵਾਇਆ ਗਿਆ। ਬੰਦ ਦੌਰਾਨ ਸ਼ਹਿਰ ਦੇ ਬਾਜ਼ਾਰਾਂ, ਦੁਕਾਨਾਂ ਤੇ ਸਬਜ਼ੀ ਮੰਡੀਆਂ ਸਮੇਤ ਵੱਖ-ਵੱਖ ਵਪਾਰਕ ਅਦਾਰੇ ਬੰਦ ਰਹੇ। ਹਾਲਾਂਕਿ, ਕੁਝ ਥਾਵਾਂ ’ਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਵੀ ਨਜ਼ਰ ਆਏ। ਫਗਵਾੜਾ ਵਿੱਚ ਜ਼ਿਆਦਾਤਰ ਇਲਾਕਿਆਂ ਵਿੱਚ ਕਾਰੋਬਾਰੀ ਗਤੀਵਿਧੀਆਂ ਠੱਪ ਰਹੀਆਂ। ਕੁਝ ਇੱਕ ਘਟਨਾਵਾਂ ਨੂੰ ਛੱਡ ਕੇ ਸਮੁੱਚੇ ਤੌਰ ’ਤੇ ਬੰਦ ਸ਼ਾਂਤੀਪੂਰਨ ਰਿਹਾ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਬੋਰਡਾਂ ’ਤੇ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਪਾੜਨ ਦੀ ਘਟਨਾ ਵੀ ਸਾਹਮਣੇ ਆਈ। ਸਥਿਤੀ ਨੂੰ ਸੰਭਾਲਣ ਲਈ ਡੀਐੱਸਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਹਾਲਾਤ ’ਤੇ ਨਜ਼ਰ ਰੱਖੀ। ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫ਼ਲ ਬਣਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਵਾਲੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ, ਆਵਾਜਾਈ ਵਿੱਚ ਵਿਘਨ ਪਾਉਣ ਜਾਂ ਕੌਮੀ ਰਾਜਮਾਰਗ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਫਗਵਾੜਾ ਸ਼ਹਿਰ ਵਿੱਚ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫ਼ਲ ਬਣਾਇਆ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੌਕਸੀ ਵਰਤੀ ਗਈ।