ਐੱਸਡੀਐੱਮ ਫਗਵਾੜਾ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਐੱਸ.ਡੀ.ਐੱਮ. ਫਗਵਾੜਾ ਵੱਲੋਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Publish Date: Thu, 22 Oct 2026 07:38 PM (IST)
Updated Date: Thu, 22 Oct 2026 07:39 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਉਪ ਮੰਡਲ ਮੈਜਿਸਟ੍ਰੇਟ ਫਗਵਾੜਾ ਡਾ. ਨਵਜੋਤ ਸ਼ਰਮਾ ਵੱਲੋਂ ਅੱਜ ਖੇਤੀਬਾੜੀ ਅਫ਼ਸਰ ਫਗਵਾੜਾ ਪਰਮਜੀਤ ਸਿੰਘ ਦੇ ਨਾਲ ਪਿੰਡ ਮੌਲੀ, ਨਿਹਾਲਗੜ੍ਹ, ਖੋਨੀ ਖਿਆਰ, ਜਗਤਪੁਰ ਜੱਟਾਂ ਤੇ ਭਾਨੋਕੀ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੇ ਐਕਸ-ਸਿਟੂ (ਖੇਤ ਤੋਂ ਬਾਹਰ) ਤੇ ਇਨ-ਸਿਟੂ (ਖੇਤ ਵਿੱਚ ਹੀ) ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਐੱਸਡੀਐੱਮ ਨੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਤੇ ਤਕਨੀਕਾਂ ਦਾ ਨਿਰੀਖਣ ਕੀਤਾ ਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਤੇ ਮਸ਼ੀਨਰੀ ਸਮੇਂ ਸਿਰ ਉਪਲਬਧ ਕਰਵਾਈ ਜਾਵੇ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐੱਸਡੀਐੱਮ ਨੇ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦਾ ਸਹੀ ਢੰਗ ਨਾਲ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਤੇ ਬੁਰਾ ਅਸਰ ਪੈਂਦਾ ਹੈ, ਨਾਲ ਹੀ ਜ਼ਮੀਨ ਦੇ ਜ਼ਰੂਰੀ ਪੋਸ਼ਕ ਤੱਤ ਤੇ ਮਿੱਤਰ ਕੀਟ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਜਾਂ ਬੇਲਰ ਆਦਿ ਰਾਹੀਂ ਖੇਤ ਤੋਂ ਬਾਹਰ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਢੁਕਵੀਂ ਨਮੀ (ਸੁੱਕੀ ਹੋਈ) ਦੇ ਨਾਲ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਖ਼ਰੀਦ ਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਤੇ ਮੰਡੀਆਂ ਵਿੱਚ ਫ਼ਸਲ ਦੀ ਸੁਚਾਰੂ ਖ਼ਰੀਦ ਹੋ ਸਕੇ। ਇਸ ਮੌਕੇ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਤੇ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐੱਸਡੀਐੱਮ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਪ੍ਰਸ਼ਾਸਨ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।