- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਵਾਈ ਫਾਇਰਿੰਗ ਮਾਮਲੇ ’ਚ ਪੁਲਿਸ ਨੂੰ ਮਿਲੀ ਸਫਲਤਾ, ਇੱਕ ਮੁਲਜ਼ਮ ਗ੍ਰਿਫ਼ਤਾਰ

--7.65 ਐੱਮਐੱਮ ਦੇਸੀ ਪਿਸਤੌਲ ਬਰਾਮਦ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਅਪਰਾਧਿਕ ਮਾਮਲੇ
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਪੁਲਿਸ ਨੇ ਪਿੰਡ ਬੂਹ ਵਿਖੇ ਬੀਤੀ 5 ਅਕਤੂਬਰ ਨੂੰ ਹੋਏ ਲੜਾਈ-ਝਗੜੇ ਤੇ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਵਾਰਦਾਤ ਦੌਰਾਨ ਵਰਤਿਆ ਗਿਆ 7.65 ਐੱਮਐੱਮ ਦਾ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਆਈਪੀਐੱਸ ਨੇ ਦੱਸਿਆ ਕਿ ਪਿੰਡ ਬੂਹ ਵਿਖੇ ਹੋਈ ਲੜਾਈ ਤੇ ਹਵਾਈ ਫਾਇਰਿੰਗ ਸਬੰਧੀ ਥਾਣਾ ਫੱਤੂਢੀਂਗਾ ਵਿਖੇ 6 ਅਕਤੂਬਰ 2026 ਨੂੰ ਮੁਕੱਦਮਾ ਨੰਬਰ 56 ਤਹਿਤ ਬੀਐੱਨਐੱਸ ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਮੁਲਜ਼ਮ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਐੱਸਆਈ ਗੁਰਮੀਤ ਸਿੰਘ ਮੁੱਖ ਅਫ਼ਸਰ ਥਾਣਾ ਫੱਤੂਢੀਂਗਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਦੀ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ। ਪੁਲਿਸ ਟੀਮ ਨੂੰ 19 ਨਵੰਬਰ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨਫ਼ਤਰ ਸਿੰਘ ਉਰਫ਼ ਵਿੱਕਾ ਪੁੱਤਰ ਤਲਵਿੰਦਰ ਸਿੰਘ ਵਾਸੀ ਵੇਰੋਵਾਲ, ਜ਼ਿਲ੍ਹਾ ਤਰਨਤਾਰਨ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਮੁਲਜ਼ਮ ਦੇ ਪੁਲਿਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤਿਆ ਗਿਆ 7.65 ਐੱਮਐੱਮ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਸਾਲ 2021 ਤੇ ਦੂਜਾ ਜੁਲਾਈ 2026 ਵਿੱਚ ਦਰਜ ਹੋਇਆ ਸੀ।