ਪੁਲਿਸ ਜਨਤਾ ਦੀ ਸੁਰੱਖਿਆ ਲਈ ਹਮੇਸ਼ਾ ਵਚਨਬੱਧ : ਐੱਸਪੀ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਜਾਨ ਮਾਲ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਐਸ.ਪੀ. ਡਾ. ਮੁਕੇਸ਼
Publish Date: Tue, 15 Sep 2026 09:22 PM (IST)
Updated Date: Tue, 15 Sep 2026 09:23 PM (IST)
ਸੁਖਪਾਲ\ਅਵਿਨਾਸ਼, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਐੱਸਐੱਸਪੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਨਾਉਣ ਨੂੰ ਲੈ ਕੇ ਵੱਡੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਹਮੇਸ਼ਾ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਪੂਰਥਲਾ ਦੇ ਐੱਸਪੀ ਹੈੱਡਕੁਆਰਟਰ ਡਾ. ਮੁਕੇਸ਼ ਕੁਮਾਰ ਨੇ ਪੰਜਾਬੀ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਡਾ. ਮੁਕੇਸ਼ ਕੁਮਾਰ ਦੀ ਪਹਿਲੀ ਪੋਸਟਿੰਗ ਬਤੌਰ ਡੀਐੱਸਪੀ ਭੁਲੱਥ ਹੋਈ ਸੀ ਤੇ ਉਹ ਵੱਖ-ਵੱਖ ਜ਼ਿਲ੍ਹਿਆਂ ਵਿਚ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਬਤੌਰ ਐੱਸਪੀ ਪਦਉੱਨਤ ਹੋਏ। ਬਤੌਰ ਐੱਸਪੀ ਉਹ ਪਹਿਲਾਂ ਅੰਮ੍ਰਿਤਸਰ ਦਿਹਾਤੀ ਰੂਰਲ, ਫਿਰ ਗੁਰਦਾਸਪੁਰ, ਐੱਸਬੀਐੱਸ ਨਗਰ, ਜਲੰਧਰ ਰੂਰਲ ਵਿਚ ਆਪਣੀਆਂ ਸੇਵਾਵਾਂ ਨਿਭਾਉਂਣ ਉਪਰੰਤ ਹੁਣ ਕਪੂਰਥਲਾ ਵਿਚ ਬਤੌਰ ਐੱਸਪੀ ਹੈੱਡਕੁਆਰਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਕਪੂਰਥਲਾ ਜ਼ਿਲ੍ਹੇ ਤੋਂ ਭਲੀਭਾਂਤੀ ਜਾਣੂ ਡਾ. ਮੁਕੇਸ਼ ਕੁਮਾਰ ਨੇ ਕਿਹਾ ਕਿ ਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ, ਆਮ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਦੇਣਾ, ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਮੇਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਦੇ ਹੋਏ ਜ਼ਿਲ੍ਹਾ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਨਾਲ ਹੀ ਥਾਣਿਆਂ ਵਿਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਂਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ ’ਤੇ ਕਰਵਾਉਂਣ ਲਈ ਪੁਲਿਸ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਪੁਲਿਸ ਕੋਲ ਇਨਸਾਫ਼ ਲਈ ਆਏ ਕਿਸੇ ਪੀੜਤ ਨੂੰ ਖਾਲੀ ਹੱਥ ਨਾ ਮੁੜਨਾ ਪਵੇ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਨਿਰਪੱਖਤਾ ਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।