ਪੁਲਿਸ ਨੇ ਪਿੰਡਾਂ ’ਚ ਚਲਾਈ ਚਾਈਨਾ ਡੋਰ ਖ਼ਿਲਾਫ਼ ਤਲਾਸ਼ੀ ਮੁਹਿੰਮ
ਪੁਲਿਸ ਨੇ ਪਿੰਡਾਂ ’ਚ ਚਲਾਈ ਚਾਈਨਾ ਡੋਰ ਖ਼ਿਲਾਫ਼ ਤਲਾਸ਼ੀ ਮੁਹਿੰਮ
Publish Date: Tue, 27 Jan 2026 07:32 PM (IST)
Updated Date: Tue, 27 Jan 2026 07:34 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਚਾਈਨਾ ਡੋਰ ਕਾਰਨ ਵੱਧ ਰਹੀਆਂ ਹਾਦਸਿਆਂ ਦੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਵੱਲੋਂ ਕਸਬਾ ਨਡਾਲਾ ਤੇ ਪਿੰਡ ਬੂਟਾਂ ਵਿਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਇਲਾਕਿਆਂ, ਦੁਕਾਨਾਂ ਤੇ ਸ਼ੱਕੀ ਥਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਇਹ ਕਾਰਵਾਈ ਥਾਣਾ ਸੁਭਾਨਪੁਰ ਦੇ ਮੁਖੀ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਪੁਲਿਸ ਵੱਲੋਂ ਆਮ ਲੋਕਾਂ ਨੂੰ ਚਾਈਨਾ ਡੋਰ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਚਾਈਨਾ ਡੋਰ ਨਾਲ ਹਰ ਸਾਲ ਕਈ ਲੋਕਾਂ ਤੇ ਪੰਛੀਆਂ ਨੂੰ ਗੰਭੀਰ ਚੋਟਾਂ ਲੱਗਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਵਿਚ ਚਾਈਨਾ ਡੋਰ ਕਾਰਨ ਦੋ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਵਿਅਕਤੀ ਚਾਈਨਾ ਡੋਰ ਵੇਚਦਾ ਜਾਂ ਵਰਤਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਵੀ ਚਾਈਨਾ ਡੋਰ ਦੀ ਵਿਕਰੀ ਜਾਂ ਸਟਾਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸੰਭਾਵਿਤ ਹਾਦਸਿਆਂ ਤੋਂ ਬਚਿਆ ਜਾ ਸਕੇ।