ਕੀ ਪੁਲਿਸ ਕਿਸੇ ਅਣਸੁਖਾਵੀਂ ਘਟਨਾ ਦੀ ਕਰ ਰਹੀ ਉਡੀਕ ਰੇਕੀ ਤੇ ਵੀਡੀਓ ਬਣਾਉਣ ਦੀ ਸ਼ਿਕਾਇਤ ਦੇ ਬਾਵਜੂਦ ਪੁਲਿਸ ਚੁੱਪ
Publish Date: Thu, 08 Oct 2026 07:27 PM (IST)
Updated Date: Thu, 08 Oct 2026 07:29 PM (IST)
ਭੰਡਾਲ ਵੱਲੋਂ ਰੇਕੀ ਤੇ ਵੀਡੀਓ ਬਣਾਉਣ ਦੀ ਸ਼ਿਕਾਇਤ ਦੇ ਬਾਵਜੂਦ ਪੁਲਿਸ ਚੁੱਪ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਦੀਪ ਸਿੰਘ ਭੰਡਾਲ ਦੀ ਰੇਕੀ ਕਰਨ ਤੇ ਵੀਡੀਓ ਬਣਾਉਣ ਦੀ ਘਟਨਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਹਲਕਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਈ ਇਸ ਘਟਨਾ ਸਬੰਧੀ ਮੌਕੇ ’ਤੇ ਹੀ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੇ ਬਾਅਦ ਵਿੱਚ ਵਟਸਐਪ ਰਾਹੀਂ ਜਾਣਕਾਰੀ ਦੇਣ ਦੇ ਬਾਵਜੂਦ ਵੀ ਹੁਣ ਤੱਕ ਕੋਈ ਠੋਸ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ’ਤੇ ਗੁਰਦੀਪ ਸਿੰਘ ਭੰਡਾਲ ਨੇ ਸਖ਼ਤ ਚਿੰਤਾ ਤੇ ਰੋਸ ਜ਼ਾਹਰ ਕੀਤਾ ਹੈ। ਗੁਰਦੀਪ ਸਿੰਘ ਭੰਡਾਲ ਨੇ ਦੱਸਿਆ ਕਿ ਰੇਕੀ ਕਰਨ ਤੇ ਵੀਡੀਓ ਬਣਾਉਣ ਵਾਲੇ ਵਿਅਕਤੀ ਦੀ ਉਨ੍ਹਾਂ ਵੱਲੋਂ ਖ਼ੁਦ ਸ਼ਨਾਖਤ ਕੀਤੀ ਜਾ ਚੁੱਕੀ ਹੈ ਤੇ ਉਕਤ ਵਿਅਕਤੀ ਦਾ ਨਾਮ-ਪਤਾ ਸਮੇਤ ਲਿਖਤੀ ਸ਼ਿਕਾਇਤ ਵੀ ਪੁਲਿਸ ਨੂੰ ਦਿੱਤੀ ਗਈ ਹੈ। ਇਸ ਦੇ ਬਾਵਜੂਦ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਤੁਰੰਤ ਜਾਂਚ ਜਾਂ ਕਾਨੂੰਨੀ ਕਾਰਵਾਈ ਸ਼ੁਰੂ ਨਾ ਕਰਨਾ ਕਈ ਗੰਭੀਰ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਅਪਰਾਧਿਕ ਘਟਨਾਵਾਂ ਤੇ ਦਿਨ-ਦਿਹਾੜੇ ਕਤਲਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ਮਾਹੌਲ ਵਿੱਚ ਜੇਕਰ ਕਿਸੇ ਵਿਅਕਤੀ ਦੀ ਕਥਿਤ ਤੌਰ ’ਤੇ ਰੇਕੀ ਕੀਤੀ ਜਾਂਦੀ ਹੈ, ਉਸ ਦੀ ਵੀਡੀਓ ਬਣਾਈ ਜਾਂਦੀ ਹੈ ਤੇ ਇਸ ਬਾਰੇ ਪੁਲਿਸ ਨੂੰ ਸਮੇਂ ਸਿਰ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਸੰਭਾਵੀ ਖ਼ਤਰੇ ਨੂੰ ਗੰਭੀਰਤਾ ਨਾਲ ਲੈ ਕੇ ਉਸ ਦੀ ਜਾਂਚ ਕਰਨਾ ਤੇ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਭੰਡਾਲ ਨੇ ਕਿਹਾ ਕਿ “ਜੇਕਰ ਅੱਜ ਦਿੱਤੀ ਗਈ ਜਾਣਕਾਰੀ ਤੇ ਸ਼ਿਕਾਇਤ ’ਤੇ ਕਾਰਵਾਈ ਨਹੀਂ ਹੁੰਦੀ ਤੇ ਭਵਿੱਖ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ?” ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ, ਸ਼ਿਕਾਇਤ ਵਿੱਚ ਦਰਜ ਵਿਅਕਤੀ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇ ਤੇ ਜੇਕਰ ਜਾਂਚ ਦੌਰਾਨ ਕੋਈ ਅਪਰਾਧਿਕ ਤੱਤ ਸਾਹਮਣੇ ਆਉਂਦਾ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਗੁਰਦੀਪ ਸਿੰਘ ਭੰਡਾਲ ਨੇ ਕਪੂਰਥਲਾ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਨਿਰਪੱਖ ਤੇ ਸਮਾਂਬੱਧ ਜਾਂਚ ਕੀਤੀ ਜਾਵੇ ਤੇ ਸ਼ਿਕਾਇਤਕਰਤਾ ਦੀ ਸੁਰੱਖਿਆ ਸਬੰਧੀ ਵੀ ਲੋੜੀਂਦੇ ਕਦਮ ਚੁੱਕੇ ਜਾਣ।