ਵੀਡੀਓ ਵਾਇਰਲ ਹੋਣ ਮਗਰੋਂ ਹਰਕਤ ਵਿੱਚ ਆਈ ਪੁਲਿਸ
ਵੀਡੀਓ ਵਾਇਰਲ ਹੋਣ ਮਗਰੋਂ ਹਰਕਤ ਵਿੱਚ ਆਈ ਪੁਲਿਸ, ਬੱਸ ਸਟੈਂਡ ਤੋਂ 3 ਵਿਅਕਤੀ ਕਾਬੂ
Publish Date: Fri, 19 Jun 2026 08:28 PM (IST)
Updated Date: Sat, 20 Jun 2026 04:10 AM (IST)

ਬੱਸ ਸਟੈਂਡ ਤੋਂ 3 ਵਿਅਕਤੀ ਕਾਬੂ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੋਸ਼ਲ ਮੀਡੀਆ ਤੇ ਕਥਿਤ ਤੌਰ ਤੇ ਨਸ਼ਾ ਕਰਦੇ ਹੋਏ 2 ਵਿਅਕਤੀਆਂ ਸਮੇਤ ਇੱਕ ਔਰਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਵੱਲੋਂ ਬੱਸ ਸਟੈਂਡ ਇਲਾਕੇ ਵਿੱਚ ਕਾਰਵਾਈ ਕਰਦਿਆਂ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 27-61-85 ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭ ਡਵੀਜ਼ਨ ਸੁਲਤਾਨਪੁਰ ਲੋਧੀ ਏਐਸਪੀ ਧੁਰੇਂਦਰ ਵਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਜੁਗਰਾਜ ਸਿੰਘ ਉਰਫ਼ ਬਿੱਲਾ ਪੁੱਤਰ ਜੁਗਿੰਦਰ ਸਿੰਘ ਵਾਸੀ ਸ਼ਾਮੇਵਾਲੀ ਪਿੰਡ ਜੋਗੇਵਾਲ, ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ, ਰੰਗਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੂਹੜਪੁਰ, ਥਾਣਾ ਕਬੀਰਪੁਰ ਅਤੇ ਮੁਸਤਾਖ ਪੁੱਤਰ ਰਮਜ਼ਾਨ ਮੁਹੰਮਦ ਵਾਸੀ ਕੰਦੋਲਾ ਖੁਰਦ, ਥਾਣਾ ਬਿਲਗਾ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਤਿੰਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਦਿੱਤਾ ਹੈ। ਡੀਐੱਸਪੀ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਤਿੰਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪਛਾਣ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਧਰ, ਇਸ ਪੂਰੇ ਮਾਮਲੇ ਨੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਚਰਚਾ ਛੇੜ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਥਾਣਾ ਸੁਲਤਾਨਪੁਰ ਲੋਧੀ ਅਤੇ ਬੱਸ ਸਟੈਂਡ ਵਿਚਕਾਰ ਦੂਰੀ ਮਹਿਜ਼ ਕਰੀਬ 200 ਮੀਟਰ ਹੈ ਅਤੇ ਇਸ ਦੇ ਬਾਵਜੂਦ ਕਥਿਤ ਤੌਰ ਤੇ ਖੁੱਲ੍ਹੇਆਮ ਨਸ਼ੇ ਦਾ ਸੇਵਨ ਕੀਤਾ ਜਾ ਰਿਹਾ ਸੀ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।ਸਥਾਨਕ ਲੋਕਾਂ ਤੇ ਵਿਰੋਧੀ ਧਿਰਾਂ ਦਾ ਮੰਨਣਾ ਹੈ ਕਿ ਜੇਕਰ ਵੀਡੀਓ ਵਾਇਰਲ ਨਾ ਹੁੰਦੀ ਤਾਂ ਸ਼ਾਇਦ ਇਹ ਮਾਮਲਾ ਵੀ ਸਾਹਮਣੇ ਨਾ ਆਉਂਦਾ। ਇਸ ਕਰ ਕੇ ਹੁਣ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਜ਼ਮੀਨੀ ਪੱਧਰ ਤੇ ਕਿੰਨੇ ਪ੍ਰਭਾਵਸ਼ਾਲੀ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਦੀ ਨਜ਼ਰ ਹੁਣ ਮਹਿਲਾ ਦੀ ਪਛਾਣ ਅਤੇ ਅਗਲੀ ਕਾਰਵਾਈ ਤੇ ਟਿਕੀ ਹੋਈ ਹੈ।