ਪੁਲਿਸ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ : ਡੀਆਈਜੀ
ਪੁਲਿਸ ਪੱਤਰਕਾਰਾਂ ਅਤੇ ਪੱਤਰਕਾਰੀ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵੇਗੀ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਨਵੀਨ ਸਿੰਗਲਾ (ਡੀਆਈਜੀ)
Publish Date: Fri, 13 Feb 2026 09:02 PM (IST)
Updated Date: Fri, 13 Feb 2026 09:06 PM (IST)

ਪੱਤਰਕਾਰਾਂ ਤੇ ਪੱਤਰਕਾਰੀ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵੇਗੀ ਪੁਲਿਸ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਅੱਜ ਕਪੂਰਥਲਾ ਦਾ ਦੌਰਾ ਕੀਤਾ ਤੇ ਸਪੱਸ਼ਟ ਤੌਰ ਤੇ ਕਿਹਾ ਕਿ ਪੱਤਰਕਾਰਾਂ ਤੇ ਪੱਤਰਕਾਰੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕਪੂਰਥਲਾ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਕੇਤ ਗੁਪਤਾ ਦੇ ਭਰਾ ਤੇ ਹੋਏ ਹਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹੋਏ ਡੀਆਈਜੀ ਨੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ, ਐੱਸਪੀ (ਪੀਬੀਆਈ) ਗੁਰਮੀਤ ਕੌਰ ਤੇ ਡੀਐਸਪੀ ਹੈੱਡਕੁਆਰਟਰ ਉਪਕਾਰ ਸਿੰਘ ਦੀ ਮੌਜੂਦਗੀ ਵਿਚ ਮਾਮਲੇ ਦੀ ਸਮੀਖਿਆ ਕੀਤੀ ਤੇ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਦਿੱਤੇ । ਪੰਜਾਬੀ ਜਾਗਰਣ ਨਾਲ ਇਕ ਵਿਸ਼ੇਸ਼ ਇੰਟਰਵਿਊ ਦੌਰਾਨ ਡੀਆਈਜੀ ਨਵੀਨ ਸਿੰਗਲਾ ਨੇ ਕਿਹਾ,‘ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਤੇ ਸਮਾਜ ਨੂੰ ਸਹੀ ਦਿਸ਼ਾ ਵਿਚ ਅਗਵਾਈ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਮੀਡੀਆ ਦੇ ਸਹਿਯੋਗ ਨਾਲ ਕਈ ਸਫਲ ਪੁਲਿਸ ਕਾਰਵਾਈਆਂ ਨੂੰ ਪੂਰਾ ਕੀਤਾ ਗਿਆ ਹੈ।’ ਇਸ ਮੌਕੇ ਉਨ੍ਹਾਂ ਪ੍ਰੈਸ ਕਲੱਬ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ। ਡੀਆਈਜੀ ਨੇ ਕਿਹਾ ਕਿ ਕਿਸੇ ਵੀ ਪੱਤਰਕਾਰ ਜਾਂ ਉਨ੍ਹਾਂ ਦੇ ਪਰਿਵਾਰ ਵਿਰੁੱਧ ਹਿੰਸਾ ਜਾਂ ਧਮਕੀ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਪੱਤਰਕਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਪੁਲਿਸ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਪੁਲਿਸ ਟੀਮਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੇ ਸਲਾਖਾਂ ਪਿੱਛੇ ਭੇਜਣ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਮੌਕੇ ਕਪੂਰਥਲਾ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਮਹੇਸ਼, ਸਰਪ੍ਰਸਤ ਅਰੁਣ ਖੋਸਲਾ, ਸਰਪ੍ਰਸਤ ਪ੍ਰਵੀਨ ਵਾਲੀਆ, ਬੀਐੱਨ ਗੁਪਤਾ, ਵਾਈਸ ਚੇਅਰਮੈਨ ਆਸ਼ੀਸ਼ ਕੁਮਾਰ, ਬਬਲੂ, ਪ੍ਰਿੰਸ ਅਰੋੜਾ, ਜਗਜੀਤ ਧਨੂ, ਪਾਲ ਸਿੰਘ ਨੌਲੀ ਆਦਿ ਮੌਜੂਦ ਸਨ, ਜਿਨ੍ਹਾਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।