ਸ਼ਹਿਰ ’ਚ ਸੀਵਰੇਜ ਸਫਾਈ ਨੂੰ ਲੈ ਕੇ ਗਰਮਾਈ ਸਿਆਸਤ
ਸੀਵਰੇਜ ਸਫਾਈ ’ਤੇ ਸਿਆਸਤ ਗਰਮ,
Publish Date: Wed, 25 Mar 2026 07:22 PM (IST)
Updated Date: Thu, 26 Mar 2026 04:06 AM (IST)

ਨਗਰ ਕੌਂਸਲ ਦਾ ਵੱਡਾ ਖੁਲਾਸਾ, ਕੰਮ ਕੌਂਸਲ ਕਰਵਾ ਰਹੀ, ਵਿਰੋਧੀ ਫੋਕੀ ਬਿਆਨਬਾਜ਼ੀ ਨਾਲ ਲੋਕਾਂ ਨੂੰ ਕਰ ਰਹੇ ਗੁੰਮਰਾਹ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸ਼ਹਿਰ ਵਿੱਚ ਸੀਵਰੇਜ ਸਫਾਈ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੇ ਵੱਡਾ ਖੁਲਾਸਾ ਕਰਦਿਆਂ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕੀਤਾ ਹੈ। ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਅਤੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਗਿਆ ਕਿ ਸ਼ਹਿਰ ਵਿੱਚ ਚੱਲ ਰਹੀ ਸੀਵਰੇਜ ਸਫਾਈ ਨਗਰ ਕੌਂਸਲ ਵੱਲੋਂ ਹੀ ਕਰਵਾਈ ਜਾ ਰਹੀ ਹੈ। ਪ੍ਰਧਾਨ ਦੀਪਕ ਧੀਰ ਰਾਜੂ ਨੇ ਕਿਹਾ ਕਿ ਭਾਵੇਂ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਹਕੀਕਤ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਠੀਕ ਨਹੀਂ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ 5 ਲੱਖ 34 ਹਜ਼ਾਰ ਰੁਪਏ ਦੀ ਲਾਗਤ ਨਾਲ ਟੈਂਡਰ ਜਾਰੀ ਕਰਕੇ ਸ਼ਹਿਰ ਦੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਵਿਆਪਕ ਸਫਾਈ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਨਾ ਹੋਈ ਸਫਾਈ ਕਾਰਨ ਸ਼ਹਿਰ ਵਾਸੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਰੇਲਵੇ ਰੋਡ, ਚੌਂਕ ਚੇਲਿਆਂ, ਸੈਦਾ ਮੁਹੱਲਾ, ਅਰੋੜਾ ਰਸਤਾ ਅਤੇ ਪੁਰਾਣੇ ਹਸਪਤਾਲ ਦੇ ਆਲੇ-ਦੁਆਲੇ ਸਮੇਤ ਕਈ ਇਲਾਕਿਆਂ ਵਿੱਚ ਪਹਿਲ ਦੇ ਅਧਾਰ ’ਤੇ ਸੁਪਰ ਸੈਕਸ਼ਨਿੰਗ ਮਸ਼ੀਨ ਦੀ ਮਦਦ ਨਾਲ ਜਾਮ ਪਏ ਸੀਵਰੇਜ ਨੂੰ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਾਰਾ ਕੰਮ ਨਗਰ ਕੌਂਸਲ ਅਤੇ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਠੇਕੇਦਾਰ ਵੱਲੋਂ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਆਗੂਆਂ ਨੇ ਕਿਹਾ ਕਿ ਕੁਝ ਲੋਕ ਸਿਰਫ ਕ੍ਰੈਡਿਟ ਲੈਣ ਦੀ ਦੌੜ ਵਿੱਚ ਫੋਕੀ ਬਿਆਨਬਾਜ਼ੀ ਕਰ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਅਸਲ ਵਿੱਚ ਇਹ ਸਾਰੇ ਕੰਮ ਨਗਰ ਕੌਂਸਲ ਵੱਲੋਂ ਮਤੇ ਪਾਸ ਹੋਣ ਅਤੇ ਸਰਕਾਰੀ ਪ੍ਰਕਿਰਿਆ ਤਹਿਤ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੇ ਫੰਡ ਲੋਕਾਂ ਦੇ ਟੈਕਸ ਦਾ ਪੈਸਾ ਹੁੰਦੇ ਹਨ ਅਤੇ ਨਗਰ ਕੌਂਸਲ ਇੱਕ “ਛੋਟੀ ਸਰਕਾਰ” ਵਜੋਂ ਸ਼ਹਿਰ ਦੇ ਵਿਕਾਸ ਕਾਰਜ ਸੰਭਾਲਦੀ ਹੈ। ਹਰ ਪ੍ਰੋਜੈਕਟ ਮਤਾ ਪਾਸ ਹੋਣ ਤੋਂ ਬਾਅਦ ਹੀ ਲਾਗੂ ਹੁੰਦਾ ਹੈ ਅਤੇ ਚੁਣੇ ਹੋਏ ਕੌਂਸਲਰ ਹੀ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਹਨ।ਇਸ ਮੌਕੇ ਉਨ੍ਹਾਂ ਨੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪਾਵਨ ਨਗਰੀ ਦੇ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਹਾਲਾਂਕਿ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਸਾਂਝੀ ਕੋਸ਼ਿਸ਼ ਦਾ ਨਤੀਜਾ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਸਾਰਾ ਕ੍ਰੈਡਿਟ ਲੈਣਾ ਠੀਕ ਨਹੀਂ ਹੈ। ਅਹੁਦੇਦਾਰਾਂ ਤੇ ਕੌਂਸਲਰਾਂ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ ,ਸਾਬਕਾ ਸਤੀਸ਼ ਛੁਰਾ,ਰਾਜੂ ਉੱਪਲ ਆਦਿ ਮੌਜੂਦ ਸਨ।