ਸਰਪਲਸ ਬਿਜਲੀ ਵਾਲੇ ਪੰਜਾਬ ’ਚ ਗਹਿਰਾਇਆ ਬਿਜਲੀ ਸੰਕਟ, ਕੱਟਾਂ ਦੇ ਵਿਰੋਧ ’ਚ ਹੋ ਰਹੇ ਧਰਨੇ-ਪ੍ਰਦਰਸ਼ਨ : ਧਾਲੀਵਾਲ ਸਰਪਲਸ ਬਿਜਲੀ ਵਾਲੇ ਪੰਜਾਬ ਵਿੱਚ ਗਹਿਰਾਇਆ ਬਿਜਲੀ ਸੰਕਟ, ਕੱਟਾਂ ਦੇ ਵਿਰੋਧ ਵਿੱਚ ਹੋ ਰਹੇ ਧਰਨੇ-ਪ੍ਰਦਰਸ਼ਨ: ਬਲਵਿੰਦਰ ਧਾਲੀਵਾਲ
Publish Date: Wed, 01 Jul 2026 06:54 PM (IST)
Updated Date: Wed, 01 Jul 2026 06:55 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ ਸਾਬਕਾ ਆਈਏਐੱਸ ਅਧਿਕਾਰੀ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਲਗਾਤਾਰ ਗਹਿਰਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਸ ਸਰਕਾਰ ਨੇ 24 ਘੰਟੇ ਨਿਰਵਿਘਨ ਬਿਜਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਅੱਜ ਉਸੇ ਸਰਕਾਰ ਦੇ ਰਾਜ ਵਿੱਚ ਕਿਸਾਨ, ਉਦਯੋਗਪਤੀ, ਵਪਾਰੀ ਅਤੇ ਆਮ ਖਪਤਕਾਰ ਘੰਟਿਆਂ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਵਾਅਦੇ ਤੋਂ ਵੀ ਸਰਕਾਰ ਮੁੱਕਰ ਗਈ ਹੈ। ਇਸੇ ਕਾਰਨ ਅੱਜ ਕਿਸਾਨਾਂ ਨੂੰ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਫੈਕਟਰੀਆਂ ਤੱਕ ਬੰਦ ਕਰਨ ਦੀ ਨੌਬਤ ਆ ਸਕਦੀ ਹੈ। ਬਿਜਲੀ ਮੁਲਾਜ਼ਮ ਹੜਤਾਲ ’ਤੇ ਹਨ ਅਤੇ ਲੋਕਾਂ ਨੂੰ ਔਸਤ ਅਧਾਰ ਤੇ ਬਿਜਲੀ ਦੇ ਬਿੱਲ ਭੇਜੇ ਜਾ ਰਹੇ ਹਨ। ਪੰਜਾਬ ਵਿੱਚ ਇਸ ਵੇਲੇ ਬਿਜਲੀ ਦੀ ਮੰਗ ਰਿਕਾਰਡ ਪੱਧਰ ’ਤੇ ਪਹੁੰਚ ਚੁੱਕੀ ਹੈ। ਹਾਲੀਆ ਦਿਨਾਂ ਵਿੱਚ ਸੂਬੇ ਦੀ ਬਿਜਲੀ ਲੋੜ ਲਗਭਗ 16,940 ਮੈਗਾਵਾਟ ਤੱਕ ਪਹੁੰਚ ਗਈ, ਜਦਕਿ ਕਈ ਖੇਤਰਾਂ ਵਿੱਚ ਬਿਨਾਂ ਯੋਜਨਾ ਵਾਲੇ ਬਿਜਲੀ ਕੱਟਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸੂਬੇ ਦਾ ਅੰਦਰੂਨੀ ਬਿਜਲੀ ਉਤਪਾਦਨ ਲਗਭਗ 4,874 ਮੈਗਾਵਾਟ ਸੀ, ਜਦਕਿ 7,300 ਮੈਗਾਵਾਟ ਤੋਂ ਵੱਧ ਬਿਜਲੀ ਬਾਹਰੀ ਸਰੋਤਾਂ ਤੋਂ ਲੈਣੀ ਪੈ ਰਹੀ ਸੀ। ਝੋਨੇ ਦੀ ਲੁਆਈ ਦੇ ਸੀਜ਼ਨ ਨੂੰ ਦੇਖਦਿਆਂ ਸਰਕਾਰ ਨੂੰ ਪਹਿਲਾਂ ਹੀ ਯੋਜਨਾਬੱਧ ਤਿਆਰੀ ਕਰਨੀ ਚਾਹੀਦੀ ਸੀ, ਪਰ ਦੂਰਅੰਦੇਸ਼ੀ ਦੀ ਘਾਟ ਕਾਰਨ ਪੰਜਾਬ ਨੂੰ ਖੁੱਲ੍ਹੇ ਬਾਜ਼ਾਰ ਤੋਂ ਮਹਿੰਗੀ ਬਿਜਲੀ ਖਰੀਦਣੀ ਪੈ ਰਹੀ ਹੈ। ਧਾਲੀਵਾਲ ਨੇ ਮੰਗ ਕੀਤੀ ਕਿ ਬਿਜਲੀ ਸੰਕਟ ’ਤੇ ਇੱਕ ਵਾਈਟ ਪੇਪਰ ਜਾਰੀ ਕੀਤਾ ਜਾਵੇ। ਮਹਿੰਗੀ ਬਿਜਲੀ ਦੀ ਖਰੀਦ ਬਾਰੇ ਪੂਰੀ ਜਾਣਕਾਰੀ ਜਨਤਕ ਕੀਤੀ ਜਾਵੇ। ਸਾਰੇ ਥਰਮਲ ਪਲਾਂਟਾਂ ਦੀ ਸਮਰੱਥਾ ਦਾ ਪੂਰਾ ਇਸਤੇਮਾਲ ਯਕੀਨੀ ਬਣਾਇਆ ਜਾਵੇ। ਕਿਸਾਨਾਂ, ਉਦਯੋਗਾਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਭਵਿੱਖ ਵਿੱਚ ਅਜਿਹੇ ਸੰਕਟ ਤੋਂ ਬਚਣ ਲਈ ਲੰਬੇ ਸਮੇਂ ਦੀ ਊਰਜਾ ਨੀਤੀ ਤਿਆਰ ਕੀਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਬਿਜਲੀ ਖੇਤਰ ਵਿੱਚ ਇੱਕ ਮਾਡਲ ਸੂਬਾ ਬਣਾਉਣ ਦਾ ਸੁਪਨਾ ਦਿਖਾਇਆ ਸੀ, ਪਰ ਅੱਜ ਹਾਲਾਤ ਇਹ ਹਨ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕ ਘੰਟਿਆਂ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਸਿਰਫ਼ ਉਤਪਾਦਨ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੀ ਵਿੱਤੀ ਦਬਾਅ ਦਾ ਸਾਹਮਣਾ ਕਰ ਰਿਹਾ ਹੈ।