179ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 179ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ
Publish Date: Sat, 14 Nov 2026 06:43 PM (IST)
Updated Date: Sat, 14 Nov 2026 06:45 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 179ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ, ਖੇੜਾ ਰੋਡ, ਫਗਵਾੜਾ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ। ਜਦਕਿ ਸਤਿਕਾਰਤ ਮਹਿਮਾਨ ਵਜੋਂ ਸਮਾਜ ਸੇਵਕ ਦਵਿੰਦਰ ਸਿੰਘ ਮੌਜੂਦ ਰਹੇ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ ਤੇ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸਵ. ਅਜੀਤ ਸਿੰਘ ਢਿੱਲੋਂ ਦੀ 17ਵੀਂ ਬਰਸੀ ਮੌਕੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਵੀ ਦਿੱਤੀ ਗਈ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਇਹ ਸੇਵਾ ਪਿਛਲੇ ਕਰੀਬ 17 ਸਾਲਾਂ ਤੋਂ ਲਗਾਤਾਰ ਜਾਰੀ ਹੈ। ਰਘਬੋਤਰਾ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋੜਵੰਦ ਪਰਿਵਾਰਾਂ ਨੂੰ ਨਿਯਮਤ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜ ਵਿੱਚ ਸੇਵਾ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਇਸ ਵਾਰ ਦੇ ਰਾਸ਼ਨ ਵੰਡ ਸਮਾਗਮ ਲਈ ਆਰਥਿਕ ਸਹਿਯੋਗ ਦੇਣ ਵਾਸਤੇ ਖ਼ਾਸ ਤੌਰ ’ਤੇ ਜਰਨੈਲ ਸਿੰਘ ਤੇ ਦਵਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰਜੀਤ ਸਿੰਘ ਢਿੱਲੋਂ ਪ੍ਰਧਾਨ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ, ਮੋਹਨ ਲਾਲ ਤਨੇਜਾ, ਵੰਦਨਾ ਸ਼ਰਮਾ, ਸੁਧਾ ਬੇਦੀ, ਰਾਜਵਿੰਦਰ ਕੌਰ, ਗੁਰਜੀਤ ਸਿੰਘ ਘਟਾਉੜਾ, ਬਰਿਜ ਮੋਹਨ ਪੁਰੀ, ਪੰਕਜ ਰਾਵਤ ਤੇ ਹੋਰ ਪਤਵੰਤੇ ਹਾਜ਼ਰ ਸਨ।