ਬਾਬੇ ਨਾਨਕ ਦੇ ਵਿਆਹ ਪੁਰਬ ਸਬੰਧੀ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ ਬਾਬੇ ਨਾਨਕ ਦੇ ਵਿਆਹ ਪੁਰਬ ਸਬੰਧੀ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ
Publish Date: Tue, 15 Sep 2026 09:49 PM (IST)
Updated Date: Tue, 15 Sep 2026 09:50 PM (IST)
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਸਜਾਵਟ ਨੇ ਸੰਗਤਾਂ ਦਾ ਮਨ ਮੋਹਿਆ ਵਿਆਹ ਪੁਰਬ ਦੇ ਸਮਾਗਮ ਤੇ ਨਗਰ ਕੀਰਤਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ 16 ਸਤੰਬਰ ਅੱਜ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਮਕੰਮਲ ਕੀਤੀਆਂ ਗਈਆਂ ਹਨ। ਬਾਬੇ ਨਾਨਕ ਦੇ ਵਿਆਹ ਪੁਰਬ ਦੇ ਸਮਾਗਮਾਂ ਤੇ ਸਜਾਏ ਜਾ ਰਹੇ ਅਲੌਕਿਕ ਨਗਰ ਕੀਰਤਨ ਸਬੰਧੀ ਸੰਗਤਾਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ। ਗੁਰਦੁਆਰਾ ਸਾਹਿਬ ਅੰਦਰ ਪਾਲਕੀ ਸਾਹਿਬ ਤੇ ਤਾਜੇ ਫੁੱਲਾਂ ਨਾਲ ਕੀਤੀ ਸਜਾਵਟ ਦਰਬਾਰ ਹਾਲ ਵਿੱਚ ਸੁਗੰਧੀ ਫੈਲਾ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸਜਾਉਣ ਲਈ ਸੰਗਤਾਂ ਨਿਸ਼ਕਾਮ ਸੇਵਾ ਕਰ ਰਹੀਆਂ ਹਨ। ਇਨ੍ਹਾਂ ਸਮਾਗਮਾਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਭਾਈ ਅਵਤਾਰ ਸਿੰਘ ਦੀ ਦੇਖ-ਰੇਖ ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ, ਜਿਸ ਵਿਚ ਸੰਤ ਮਹਾਂਪੁਰਸ਼, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ ਤੇ ਨਗਰ ਕੀਰਤਨ ਸਬੰਧੀ ਤੇ ਕਰਵਾਏ ਜਾ ਰਹੇ ਸਮਾਗਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਮਾਗਮਾਂ ਸਬੰਧੀ ਮੈਨੇਜਰ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੂਹ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ 16 ਸਤੰਬਰ ਅੱਜ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਚ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ 16 ਸਤੰਬਰ ਨੂੰ ਸਵੇਰੇ 8.30 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੋਵੇਗਾ ਜੋ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਰੱਤੜਾ, ਉੱਚਾ, ਸੈਫਲਾਬਾਦ, ਘਣੀਏ ਕੇ, ਖੇੜਾ ਬੇਟ, ਸੁਰਖਪੁਰ, ਸੰਗੋਜਲਾ, ਜਾਤੀ ਕੇ, ਭੰਡਾਲ ਬੇਟ, ਪੱਡੇ ਬੇਟ, ਧਾਲੀਵਾਲ ਬੇਟ, ਅੱਡਾ ਮਿਆਣੀ ਬਾਕਰਪੁਰ (ਢਿਲਵਾਂ), ਬਿਆਸ, ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰਕੇ ਸਵੇਰੇ ਉਥੋਂ 17 ਸਤੰਬਰ ਨੂੰ ਸਵੇਰੇ 7 ਵਜੇ ਅੱਚਲ ਸਾਹਿਬ, ਬਟਾਲਾ ਸ਼ਹਿਰ, ਚੌਂਕ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ, ਗਾਂਧੀ ਚੌਕ, ਲੱਕੜ ਮੰਡੀ, ਹੰਸਲੀ ਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿ ਕਰਤਾਰੀਆਂ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਰਾਤ ਦੇ ਸਮਾਗਮ ਸਮੇਂ ਸੁੰਦਰ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ। ਬਟਾਲਾ ਸਾਹਿਬ ਤੋਂ ਆ ਰਹੀਆਂ ਸੰਗਤਾਂ ਤੇ ਹੋਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ ਤੇ ਲੰਗਰ ਤਿਆਰ ਕੀਤੇ ਜਾ ਰਹੇ ਹਨ। ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਮੀਤ ਮੈਨੇਜਰ ਚੈਂਚਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ, ਕਥਾ ਵਾਚਕ ਗਿਆਨੀ ਕਰਨਜੀਤ ਸਿੰਘ ਆਹਲੀ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਖਜ਼ਾਨਚੀ ਸੁਖਵਿੰਦਰ ਸਿੰਘ, ਰਣਜੀਤ ਸਿੰਘ ਠੱਟਾ ਆਰਕੇ, ਇੰਦਰਜੀਤ ਸਿੰਘ ਸਟੋਰ ਕੀਪਰ, ਜਰਨੈਲ ਸਿੰਘ ਅਕਾਊਂਟੈਂਟ, ਸੁਖਵਿੰਦਰ ਸਿੰਘ ਖਜ਼ਾਨਚੀ, ਪਵਨਦੀਪ ਸਿੰਘ ਰਿਕਾਰਡ ਕੀਪਰ, ਸਲਵੰਤ ਸਿੰਘ ਸਟੋਰਕੀਪਰ, ਸੁਖਜਿੰਦਰ ਸਿੰਘ ਭਗਤਪੁਰ ਆਦਿ ਹਾਜ਼ਰ ਸਨ।