ਖੋ-ਖੋ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ ਭੁਲੱਥ ਵਿਖੇ ਸਵ. ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਮੁਕੰਮਲ
Publish Date: Thu, 19 Nov 2026 09:46 PM (IST)
Updated Date: Thu, 19 Nov 2026 09:48 PM (IST)
28 ਤੇ 29 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਹੋਵੇਗਾ ਖੇਡਾਂ ਦਾ ਮਹਾਕੁੰਭ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਖੇਡਾਂ ਦੇ ਖੇਤਰ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੀ ਜ਼ਿਲ੍ਹਾ ਖੋ-ਖੋ ਐਸੋਸੀਏਸ਼ਨ ਕਪੂਰਥਲਾ ਵੱਲੋਂ ਦੂਜੀ ਵਾਰ ਰਾਜ ਪੱਧਰੀ ਖੋ-ਖੋ ਚੈਂਪੀਅਨਸ਼ਿਪ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵ. ਲਖਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ 57ਵੀਂ ਸੀਨੀਅਰ ਸਟੇਟ ਖੋ-ਖੋ ਲੜਕਿਆਂ ਤੇ ਲੜਕੀਆਂ ਦੀ ਚੈਂਪੀਅਨਸ਼ਿਪ 28 ਤੇ 29 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਖੇਡ ਮੈਦਾਨ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਾਸਟਰ ਦਿਨੇਸ਼ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈਣਗੀਆਂ। ਇਸ ਖੇਡ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਲੜਕਿਆਂ ਦੀਆਂ ਟੀਮਾਂ ਵਿੱਚੋਂ ਬੈਸਟ ਪਲੇਅਰ ਨੂੰ ਮੋਟਰਸਾਈਕਲ ਤੇ ਲੜਕੀਆਂ ਦੀਆਂ ਟੀਮਾਂ ਵਿੱਚੋਂ ਬੈਸਟ ਪਲੇਅਰ ਨੂੰ ਐਕਟਿਵਾ ਇਨਾਮ ਵਜੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਚੈਂਪੀਅਨਸ਼ਿਪ ਦਾ ਆਯੋਜਨ ਕਰਨ ਵਾਲੀ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਦੇ ਰਹਿਣ, ਖਾਣ-ਪੀਣ ਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਟੇਟ ਐਵਾਰਡੀ ਮਾਸਟਰ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤੇ ਭਾਗ ਲੈਣ ਵਾਲੀਆਂ ਟੀਮਾਂ ਦੇ ਮਨੋਬਲ ਨੂੰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਨਵੰਬਰ ਨੂੰ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਗਾਇਕਾ ਕੌਰ ਬੀ ਵੱਲੋਂ ਸੱਭਿਆਚਾਰਕ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।