ਪ੍ਰਕਾਸ਼ ਪੁਰਬ ਦੇ ਸਲਾਨਾ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਲਾਨਾ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਤੇ
Publish Date: Sun, 15 Nov 2026 10:11 PM (IST)
Updated Date: Sun, 15 Nov 2026 10:12 PM (IST)
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਲਾਨਾ ਸਮਾਗਮਾਂ ਸਬੰਧੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਨਿਰੰਤਰ ਚੱਲ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਹਨ। ਇਤਿਹਾਸਕ ਗੁਰਦੁਆਰਾ ਸਾਹਿਬ ਦੇ ਪਾਵਨ ਦਰਬਾਰ ਅੰਦਰ ਵੱਖ-ਵੱਖ ਕਿਸਮਾਂ ਤੇ ਰੰਗਾਂ ਦੇ ਤਾਜ਼ੇ ਫੁੱਲਾਂ ਨਾਲ ਬੇਹੱਦ ਮਨਮੋਹਕ ਸਜਾਵਟ ਕੀਤੀ ਜਾ ਰਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਵਿਸ਼ੇਸ਼ ਕਾਰੀਗਰ ਇਸ ਸੇਵਾ ਵਿੱਚ ਜੁਟੇ ਹੋਏ ਹਨ, ਜਦਕਿ ਸ਼ਰਧਾਲੂ ਸੰਗਤਾਂ ਵੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰ ਰਹੀਆਂ ਹਨ। ਫੁੱਲਾਂ ਦੀ ਮਨਮੋਹਕ ਸਜਾਵਟ ਕਾਰਨ ਗੁਰੂ ਦਰਬਾਰ ਦੀ ਸੁੰਦਰਤਾ ਹੋਰ ਵੀ ਨਿਖਰ ਰਹੀ ਹੈ ਤੇ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਲਈ ਇਹ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਸਜਾਵਟ ਦੀ ਸੇਵਾ ਅਜੇ ਜਾਰੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਕਈ ਹੋਰ ਸੇਵਾਵਾਂ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਕਾਹਲਵਾਂ, ਹੈੱਡ ਗ੍ਰੰਥੀ ਤੇ ਐਡੀਸ਼ਨਲ ਹੈੱਡ ਗ੍ਰੰਥੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22, 23 ਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਵੱਖ ਵੱਖ ਸਥਾਨਾਂ ’ਤੇ ਚੱਲ ਰਹੀ ਸੇਵਾ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਇਸ ਸਬੰਧੀ 22 ਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨਾਂ ਦੇ ਭੋਗ 24 ਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ’ਤੇ ਪਾਏ ਜਾਣਗੇ ਤੇ ਇਸ ਸਮੇਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।