ਮੰਤਰੀ ਭਗਤ ਦੇ ਘਰ ਅੱਗੇ ਪੰਜ ਦਿਨਾ ਧਰਨਾ ਅੱਜ ਤੋਂ 14 ਸਤੰਬਰ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ, ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਪੰਜ ਦਿਨ ਚੱਲੇਗਾ ਧਰਨਾ- ਬਾਊਪੁਰ, ਮਹੀਵਾਲ
Publish Date: Sun, 13 Sep 2026 09:21 PM (IST)
Updated Date: Sun, 13 Sep 2026 09:23 PM (IST)
ਕਿਸਾਨ-ਮਜ਼ਦੂਰ ਮੋਰਚੇ ਦੀ ਕਾਲ ’ਤੇ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ ਆਗੂ ਦੇਣਗੇ ਧਰਨਾ ਧਰਨੇ ਦੀਆਂ ਤਿਆਰੀਆਂ ਮੁਕੰਮਲ : ਬਾਊਪੁਰ, ਮਹੀਵਾਲ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ-ਮਜ਼ਦੂਰ ਮੋਰਚੇ ਦੀ ਕਾਲ ’ਤੇ 14 ਸਤੰਬਰ ਨੂੰ ਪੰਜਾਬ ਦੇ 7 ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਸਬੰਧੀ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਮਹੀਵਾਲ ਨੇ ਪ੍ਰੈੱਸ ਨਾਲ ਸਾਂਝੀ ਕੀਤੀ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਪੰਜ ਦਿਨ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਧਿਰ ਸੱਤਾ ਤੋਂ ਬਾਹਰ ਹੁੰਦੀ ਹੈ ਤਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਲੱਗ ਜਾਂਦੀਆਂ ਹਨ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਤੇ ਆਲੂ ਸਮੇਤ ਪੰਜ ਫ਼ਸਲਾਂ ’ਤੇ ਗਾਰੰਟੀ ਦਾ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਹ ਕਾਨੂੰਨ ਬਣਾਉਣ ਦੇ ਨਾਲ-ਨਾਲ ਡਾ. ਸਵਾਮੀਨਾਥਨ ਕਮਿਸ਼ਨ ਦੇ ਸੀ-2 50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਯਕੀਨੀ ਬਣਾਏ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ-ਅਮਰੀਕਾ ਟਰੇਡ ਡੀਲ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਬਿੱਲ 2025, ਸੀਡ ਐਕਟ 2025 ਤੇ ਸਹਿਕਾਰਤਾ ਕਾਨੂੰਨ 2026 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ। ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ, ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਇੱਕ ਸਰਕਾਰੀ ਨੌਕਰੀ ਦੇਣ, ਅੰਦੋਲਨਾਂ ਦੌਰਾਨ ਦਰਜ ਕੀਤੇ ਕੇਸ ਰੱਦ ਕਰਨ ਤੇ ਦਿੱਲੀ-1 ਤੇ ਦਿੱਲੀ-2 ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ੰਭੂ, ਖਨੌਰੀ ਤੇ ਰਤਨਪੁਰਾ ਬਾਰਡਰਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਮੋਰਚਿਆਂ ਨੂੰ ਜਬਰੀ ਉਖਾੜਨ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਦੀ ਕੀਮਤ ਲਗਭਗ 3 ਕਰੋੜ 77 ਲੱਖ ਰੁਪਏ ਬਣਦੀ ਹੈ। ਆਗੂਆਂ ਨੇ 2023 ਤੇ 2025 ਵਿੱਚ ਆਏ ਹੜ੍ਹਾਂ ਕਾਰਨ ਤਬਾਹ ਹੋਏ ਕਿਸਾਨਾਂ ਦੇ ਘਰਾਂ, ਜ਼ਮੀਨਾਂ ਤੇ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।