ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਗਟ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ
Publish Date: Thu, 12 Nov 2026 09:25 PM (IST)
Updated Date: Thu, 12 Nov 2026 09:27 PM (IST)
14 ਨੂੰ ਸਵੇਰੇ 10 ਵਜੇ ਤੋ 2 ਵਜੇ ਤੱਕ ਗੁਰਦੁਆਰਾ ਬੇਰ ਸਾਹਿਬ ਹੋਵੇਗਾ ਸਮਾਗਮ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੇ ਸਮੁੱਚੇ ਸਿੱਖ ਜਗਤ ਵੱਲੋਂ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ (ਸ਼ਤਾਬਦੀ) ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨਵੰਬਰ 2026, ਦਿਨ ਸ਼ਨਿੱਚਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ 14 ਨੂੰ ਹੋ ਰਹੇ ਇਸ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਤੇ ਧਾਰਮਿਕ ਪ੍ਰਚਾਰ ਰਾਹੀਂ ਸੰਗਤਾਂ ਨੂੰ ਭਗਤ ਸਤਿਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਮਹਾਨ ਅਧਿਆਤਮਕ ਸੰਦੇਸ਼ ਨਾਲ ਜੋੜਿਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਮਹਾਨ ਸ਼ਤਾਬਦੀ ਸਮਾਗਮ ਵਿਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ। ਇਸ ਸਮੇ ਚਾਹ, ਪਕੌੜੇ, ਮਠਿਆਈਆਂ ਤੇ ਜਲੇਬੀਆਂ ਆਦਿ ਹੋਰ ਸ਼ਾਹੀ ਪਕਵਾਨਾਂ ਦੇ ਲੰਗਰ ਅਤੁੱਟ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਕਲਿਆਣ, ਜਥੇ. ਡੋਗਰਾਂਵਾਲ, ਬੀਬੀ ਰੂਹੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਸ਼ਤਾਬਦੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਭਗਤ ਰਵਿਦਾਸ ਜੀ ਦੀ ਬਾਣੀ ਤੇ ਉਨ੍ਹਾਂ ਵੱਲੋਂ ਦਿੱਤੇ ਸਰਬ-ਸਾਂਝੀਵਾਲਤਾ, ਸਮਾਨਤਾ ਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕਰਨ। ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸਰਵਣ ਸਿੰਘ ਨਿਗਰਾਨ ਤੇ ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਕੌੜਾ ਖਜ਼ਾਨਚੀ, ਜਰਨੈਲ ਸਿੰਘ ਭੁੱਲਰ ਅਕਾਂਉਟੈਂਟ ਵੀ ਹਾਜ਼ਰ ਸਨ।