ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ ’ਤੇ
Publish Date: Fri, 20 Nov 2026 08:06 PM (IST)
Updated Date: Fri, 20 Nov 2026 08:07 PM (IST)
ਗੁਰਦੁਆਰਾ ਸਾਹਿਬ ਤੇ ਗਲਿਆਰੇ ਦੀ ਕੀਤੀ ਜਾ ਫੁੱਲਾਂ ਨਾਲ ਸਜਾਵਟ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਾਵਨ ਦਰਬਾਰ ਨੂੰ ਅੰਦਰੋਂ ਤੇ ਬਾਹਰੋਂ ਵੱਖ-ਵੱਖ ਕਿਸਮਾਂ ਦੇ ਰੰਗ-ਬਿਰੰਗੇ ਤੇ ਖੁਸ਼ਬੂਦਾਰ ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸੇਵਾਦਰ ਫੁੱਲਾਂ ਦੀ ਸੇਵਾ ਨਿਭਾਅ ਰਹੇ ਹਨ। ਪਾਵਨ ਦਰਬਾਰ ਸਾਹਿਬ ਦੇ ਅੰਦਰ ਵੱਡੇ ਪੱਪਰ ਤੇ ਫੁੱਲਾਂ ਦੀ ਸਜਾਵਟ ਦਾ ਕਾਰਜ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਹਰੀ ਹਿੱਸਿਆਂ ਤੇ ਹੋਰ ਸਥਾਨਾਂ ਤੇ ਸਜਾਵਟ ਦਾ ਕੰਮ ਲਗਾਤਾਰ ਜਾਰੀ ਹੈ। ਵੱਖ ਰੰਗਾਂ ਦੇ ਫੁੱਲਾਂ ਨਾਲ ਸਜਿਆ ਗੁਰੁ ਘਰ ਦਾ ਮਨਮੋਹਕ ਨਜ਼ਾਰਾ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਫੁੱਲਾਂ ਦੀ ਸੁੰਦਰ ਸਜਾਵਟ ਨਾਲ ਪਾਵਨ ਦਰਬਾਰ ਸਾਹਿਬ ਦੀ ਸ਼ਾਨ ਤੇ ਸੁੰਦਰਤਾ ਹੋਰ ਵੀ ਨਿਖਰ ਕੇ ਸਾਹਮਣੇ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਮਹਾਰਾਜ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹਰ ਸਾਲ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਵਾਰ ਵੀ ਗੁਰਪੁਰਬ ਨੂੰ ਸਮਰਪਿਤ ਤਿਆਰੀਆਂ ਤੇ ਗੁਰੁ ਘਰ ਦੀ ਫੁੱਲਾਂ ਨਾਲ ਕੀਤੀ ਜਾ ਰਹੀ ਮਨਮੋਹਕ ਸਜਾਵਟ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਪੈਦਾ ਕਰ ਰਹੀ ਹੈ। ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਨਿਸ਼ਕਾਮ ਭਾਵਨਾ ਨਾਲ ਨਿਭਾਈ ਜਾ ਰਹੀ ਇਹ ਸੇਵਾ ਗੁਰੁ ਸਾਹਿਬ ਪ੍ਰਤੀ ਉਨ੍ਹਾਂ ਦੀ ਸ਼ਰਧਾ ਤੇ ਪਿਆਰ ਦਾ ਪ੍ਰਗਟਾਵਾ ਕਰਦੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮੁੱਚੇ ਸਮਾਗਮਾਂ ਦੀ ਤਿਆਰੀ ਸਬੰਧੀ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਐੱਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਭਾਈ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨ ਮੈਨੇਜਰ ਗੁਰਪ੍ਰੀਤ ਸਿੰਘ, ਐਡੀਸ਼ਨ ਮੈਨੇਜਰ ਚੈਚਲ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਾਉਲੀ ਸਾਹਿਬ ਡੱਲਾ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 22 ਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨਾਂ ਦੇ ਭੋਗ 24 ਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ’ਤੇ ਪਾਏ ਜਾਣਗੇ ਤੇ ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ। ਉਨ੍ਹਾਂ ਦੱਸਿਆ ਕਿ 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ, ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ ਸ਼ਾਮ ਦੇ 4 ਵਜੇ ਤੋਂ 25 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਤੇ ਲੰਗਰ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।