ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕੌਂਸਲਰਾਂ ਨੇ ਕੀਤੀ ਪ੍ਰੈੱਸ ਕਾਨਫਰੰਸ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕੌਂਸਲਰਾਂ ਕੀਤੀ ਪ੍ਰੈਸ ਕਾਨਫਰੰਸ
Publish Date: Fri, 17 Jul 2026 09:10 PM (IST)
Updated Date: Fri, 17 Jul 2026 09:13 PM (IST)
ਚੱਲ ਰਹੇ ਵਿਕਾਸ ਕਾਰਜ ਜਲਦੀ ਕੀਤੇ ਜਾਣਗੇ ਮੁਕੰਮਲ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਕੌਂਸਲਰਾਂ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਤੇ ਵਾਈਸ ਪ੍ਰਧਾਨ ਗੁਰਜੀਤ ਕੌਰ ਨੇ ਸ਼ਹਿਰ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨਾ ਨਗਰ ਕੌਂਸਲ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ 31 ਥਾਵਾਂ ’ਤੇ ਕੰਮ ਬਾਕੀ ਹਨ, ਜਿਨ੍ਹਾਂ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਜਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਜਾਂ ਇਲਾਕੇ ਵਿੱਚ ਵਾਟਰ ਸਪਲਾਈ, ਸੀਵਰੇਜ ਜਾਂ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੋਈ ਸਮੱਸਿਆ ਹੈ ਤਾਂ ਉਹ ਆਪਣੇ ਸਬੰਧਤ ਕੌਂਸਲਰ ਜਾਂ ਨਗਰ ਕੌਂਸਲ ਦੇ ਕਰਮਚਾਰੀ ਸ਼ੁਭਮ ਅਤੇ ਗੌਰਵ ਗਿਰੀ ਨੂੰ ਨੋਟ ਕਰਵਾ ਦੇਣ ਤਾਂ ਜੋ ਸਮੱਸਿਆ ਦਾ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਪੂਰੀ ਟੀਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਵਾਈਸ ਪ੍ਰਧਾਨ ਗੁਰਜੀਤ ਕੌਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ। ਸਾਬਕਾ ਚੇਅਰਮੈਨ ਤੇਜਵੰਤ ਸਿੰਘ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚੱਲ ਰਹੇ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਮੁਕੰਮਲ ਕਰਵਾਇਆ ਜਾਵੇਗਾ। ਸ਼ਹਿਰ ਦੀ ਸੁੰਦਰਤਾ, ਬੁਨਿਆਦੀ ਢਾਂਚੇ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਅਤੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਪਵਨ ਕਨੌਜੀਆ, ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਕਰਨ ਚੌਹਾਨ ਸਮੇਤ ਹੋਰ ਹਾਜ਼ਰ ਸਨ।