ਆਮ ਲੋਕਾਂ ਦੀ ਸੁਰੱਖਿਆ ਨੂੰ ਦਿੱਤੀ ਜਾਵੇ ਪਹਿਲ : ਧਾਲੀਵਾਲ ਲੀਡਰਾਂ ਦੇ ਗੰਨਮੈਨਾਂ ਦੀ ਬਜਾਏ ਆਮ ਲੋਕਾਂ ਦੀ ਸੁਰੱਖਿਆ ਨੂੰ ਦਿੱਤੀ ਜਾਵੇ ਪਹਿਲ
Publish Date: Tue, 13 Oct 2026 10:00 PM (IST)
Updated Date: Tue, 13 Oct 2026 10:02 PM (IST)
-ਪੁਰਾਣੀ ਦਾਣਾ ਮੰਡੀ ਕਪੂਰਥਲਾ ਵਿਖੇ ਚੋਰੀ ਦੀ ਘਟਨਾ ਨੇ ਖੋਲ੍ਹੀ ਸੁਰੱਖਿਆ ਪ੍ਰਬੰਧਾਂ ਦੀ ਪੋਲ -ਐੱਸਐੱਸਪੀ ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਇਸ ਘਟਨਾ ਦੇ ਮੱਦੇਨਜ਼ਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਨੇ ਐੱਸਐੱਸਪੀ ਕਪੂਰਥਲਾ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਤੇ ਪੁਲਿਸ ਫੋਰਸ ਦੀ ਤਾਇਨਾਤੀ ਦੀ ਸਮੀਖਿਆ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਮੰਗ ਵੀ ਕੀਤੀ ਕਿ ਜਿਹੜੇ ਆਗੂਆਂ ਜਾਂ ਹੋਰ ਵਿਅਕਤੀਆਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਗੰਨਮੈਨ ਮੁਹੱਈਆ ਕਰਵਾਏ ਗਏ ਹਨ, ਉਨ੍ਹਾਂ ਦੀ ਸੁਰੱਖਿਆ ਦੀ ਲੋੜ ਦਾ ਮੁੜ ਮੁਲਾਂਕਣ ਕੀਤਾ ਜਾਵੇ। ਜਿੱਥੇ ਸੁਰੱਖਿਆ ਦੀ ਅਸਲ ਲੋੜ ਨਹੀਂ ਹੈ, ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਕੇ ਲੋਕਾਂ ਦੀ ਸੁਰੱਖਿਆ, ਬਾਜ਼ਾਰਾਂ ਦੀ ਗਸ਼ਤ ਤੇ ਅਪਰਾਧਾਂ ਦੀ ਰੋਕਥਾਮ ਲਈ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵਾਲ ਸਿਰਫ਼ ਇੱਕ ਚੋਰੀ ਦਾ ਨਹੀਂ, ਸਗੋਂ ਆਮ ਲੋਕਾਂ ਦੀ ਸੁਰੱਖਿਆ ਤੇ ਪੁਲਿਸ ਸਰੋਤਾਂ ਦੀ ਸਹੀ ਵਰਤੋਂ ਦਾ ਵੀ ਹੈ। ਆਖ਼ਰਕਾਰ ਜਨਤਾ ਦੀ ਸੁਰੱਖਿਆ ਹੀ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਆਮ ਲੋਕਾਂ ਵਿੱਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਧਾਲੀਵਾਲ ਨੇ ਕਿਹਾ ਕਿ ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ-ਦਿਹਾੜੇ ਤੇ ਰਾਤ ਦੇ ਸਮੇਂ ਹੋ ਰਹੀਆਂ ਚੋਰੀ, ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ਨੇ ਸਥਾਨਕ ਨਿਵਾਸੀਆਂ ਦੀ ਨੀਂਦ ਉਡਾ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਹੁਣ ਭੀੜ-ਭੜੱਕੇ ਵਾਲੇ ਬਾਜ਼ਾਰਾਂ ਤੇ ਸੁਰੱਖਿਅਤ ਮੰਨੇ ਜਾਣ ਵਾਲੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਸਭ ਤੋਂ ਮੁਢਲੀ ਤੇ ਅਹਿਮ ਜ਼ਿੰਮੇਵਾਰੀ ਹੈ। ਇੱਕ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪੁਲਿਸ ਤੇ ਜਨਤਾ ਵਿਚਾਲੇ ਆਪਸੀ ਤਾਲਮੇਲ ਤੇ ਮਜ਼ਬੂਤ ਕਾਨੂੰਨ ਵਿਵਸਥਾ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਐੱਸਐੱਸਪੀ ਕਪੂਰਥਲਾ ਨੂੰ ਅਪੀਲ ਕਰਦਿਆਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ, ਬਜ਼ਾਰਾਂ ਤੇ ਸੁਨਸਾਨ ਥਾਵਾਂ ਤੇ ਦਿਨ-ਰਾਤ ਦੀ ਪੁਲਿਸ ਗਸ਼ਤ ਵਧਾਈ ਜਾਵੇ। ਮਹਿਲਾ ਸੁਰੱਖਿਆ ਸੈੱਲ ਤੇ ਹੈਲਪਲਾਈਨ ਨੰਬਰਾਂ ਨੂੰ ਵਧੇਰੇ ਸਰਗਰਮ ਕਰਨਾ ਤਾਂ ਜੋ ਸੰਕਟ ਦੇ ਸਮੇਂ ਤੁਰੰਤ ਮਦਦ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਾਧਣ ਲਈ ਮੁਹੱਲਾ ਕਮੇਟੀਆਂ ਬਣਾਈਆਂ ਜਾਣ, ਜਿਸ ਨਾਲ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇ। ਸ਼ਹਿਰਾਂ ਦੇ ਮੁੱਖ ਚੌਕਾਂ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਤੇ ਨਾਈਟ-ਵਿਜ਼ਨ ਡਰੋਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਜਾਂ ਸ਼ਿਕਾਇਤ ’ਤੇ ਪੁਲਿਸ ਦਾ ਰਿਸਪਾਂਸ ਟਾਈਮ (ਪਹੁੰਚਣ ਦਾ ਸਮਾਂ) ਘੱਟ ਤੋਂ ਘੱਟ ਹੋਣਾ ਚਾਹੀਦਾ ਹੈ। ਧਾਲੀਵਾਲ ਨੇ ਪ੍ਰਸ਼ਾਸਨ ਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਹਿੱਸਿਆਂ ਵਿੱਚ ਸੁਰੱਖਿਆ ਵਧਾਈ ਜਾਵੇ, ਪੁਲਿਸ ਨਾਕੇ ਮਜ਼ਬੂਤ ਕੀਤੇ ਜਾਣ ਤੇ ਸ਼ੱਕੀ ਵਿਅਕਤੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰ ਸਕਣ।