ਮੰਗਾ ਕੌਂਸਲਰ ਬਣੇ ਅਕਾਲੀ ਦਲ ਬੀਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ
ਸ. ਪ੍ਰਿਤਪਾਲ ਸਿੰਘ ਮੰਗਾ ਕੌਂਸਲਰ ਬਣੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ
Publish Date: Fri, 20 Mar 2026 07:01 PM (IST)
Updated Date: Fri, 20 Mar 2026 07:04 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੂਹ ਵਰਕਰਾਂ ‘ਚ ਜੋਸ਼ ਦਾ ਸੰਚਾਰ ਕਰਨ ਦੇ ਮਨੋਰਥ ਨਾਲ ਕੀਤੀਆਂ ਜਾ ਰਹੀਆਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦੀ ਲੜੀ ਤਹਿਤ ਪਾਰਟੀ ਦੇ ਸਿਰਕੱਢ ਤੇ ਸਮਰਪਿਤ ਆਗੂ ਪ੍ਰਿਤਪਾਲ ਸਿੰਘ ਮੰਗਾ ਕੌਂਸਲਰ ਨੂੰ ਬੀਸੀ ਵਿੰਗ ਦਾ ਸੂਬਾ ਮੀਤ ਪ੍ਰਧਾਨ ਤੇ ਗੁਰਮੁਖ ਸਿੰਘ ਚਾਨਾ ਨੂੰ ਬੀਸੀ ਵਿੰਗ ਫਗਵਾੜਾ ਦਾ ਪ੍ਰਧਾਨ ਥਾਪਿਆ ਹੈ। ਦੋਵੇਂ ਨਵ-ਨਿਯੁਕਤ ਅਹੁਦੇਦਾਰਾਂ ਨੇ ਅਹਿਮ ਜ਼ਿੰਮੇਵਾਰੀ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਸੂਬਾ ਕੋਰ ਕਮੇਟੀ ਮੈਂਬਰ (ਵਪਾਰ ਵਿੰਗ) ਰਣਜੀਤ ਸਿੰਘ ਖੁਰਾਣਾ ਇੰਚਾਰਜ ਹਲਕਾ ਫਗਵਾੜਾ (ਸ਼ਹਿਰੀ) ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਉਨ੍ਹਾਂ ਵੱਧ ਤੋਂ ਵੱਧ ਬੀਸੀ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਥ ਤੇ ਪੰਜਾਬ ਨੂੰ ਸਮਰਪਿਤ ਇਕੋ-ਇਕ ਸਿਆਸੀ ਧਿਰ ਹੈ। ਸਮੂਹ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਪਾਰਟੀ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੱਟਾਨ ਵਾਂਗ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਪੰਜਾਬ ਵਿਚ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਰਕਾਰ ਬਨਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ। ਪ੍ਰਿਤਪਾਲ ਸਿੰਘ ਮੰਗਾ ਕੌਂਸਲਰ ਤੇ ਗੁਰਮੁਖ ਸਿੰਘ ਚਾਨਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਦੋਵੇਂ ਆਗੂਆਂ ਦੀ ਬੀਸੀ ਭਾਈਚਾਰੇ ਨਾਲ ਚੰਗੀ ਸਾਂਝ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਯਕੀਨੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫਗਵਾੜਾ ਸਮੇਤ ਪੂਰੇ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਸਾਰੇ ਹੀ ਵਰਗਾਂ ਦੇ ਸੂਝਵਾਨ ਵੋਟਰਾਂ ਦੇ ਸਹਿਯੋਗ ਸਦਕਾ ਸੂਬੇ ਵਿਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣੇਗੀ ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਨੂੰ ਇਕ ਵਾਰ ਫਿਰ ਤਰੱਕੀ ਦੇ ਰਸਤੇ ‘ਤੇ ਅੱਗੇ ਤੋਰਿਆ ਜਾਵੇਗਾ।