ਟਰੇਡਰਜ਼ ਕਮਿਸ਼ਨ ਦੀ ਮੀਟਿੰਗ ’ਚ ਦੁਕਾਨਦਾਰਾਂ ਦੀਆਂ ਸਮੱਸਿਆਵਾਂ ’ਤੇ ਹੋਈ ਚਰਚਾ
ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਦੁਕਾਨਦਾਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਹੋਈ
Publish Date: Sun, 15 Mar 2026 09:33 PM (IST)
Updated Date: Sun, 15 Mar 2026 09:36 PM (IST)

ਪੈਂਡਿੰਗ ਕੰਮ ਇਕ ਹਫ਼ਤੇ ’ਚ ਮੁਕੰਮਲ ਕੀਤੇ ਜਾਣ : ਸੱਜਣ ਸਿੰਘ ਚੀਮਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਸ਼ਹਿਰ ਵਿਚ ਟਰੇਡਰਜ਼ ਕਮਿਸ਼ਨ ਦੀ ਇਕ ਅਹਿਮ ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੀਆਂ ਦਿੱਕਤਾਂ ਤੇ ਮੰਗਾਂ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਅਧਿਕਾਰੀ ਖੁਦ ਲੋਕਾਂ ਦੇ ਬੂਹੇ ‘ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਕੰਮ ਇਸ ਵੇਲੇ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਜਰਨੈਲ ਸਿੰਘ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਕਮਿਸ਼ਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸ਼ਹਿਰ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਨੂੰ ਆ ਰਹੀਆਂ ਦਿਕਤਾਂ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਜਲਦ ਕਰਵਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਿਦੇਸ਼ਾਂ ਤੋਂ ਇੰਡਸਟਰੀ ਆ ਰਹੀ ਹੈ, ਜੋ ਕਿ ਪੰਜਾਬ ਸਰਕਾਰ ਦੀ ਵਪਾਰ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਵਪਾਰੀਆਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਇੰਡਸਟਰੀ ਸਥਾਪਿਤ ਕਰਨ ਲਈ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਕਰਕੇ ਪੰਜਾਬ ਲਗਾਤਾਰ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਸੱਜਣ ਸਿੰਘ ਚੀਮਾ ਨੇ ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਖੁਦ ਵੀ ਧਿਆਨ ਨਾਲ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦੇ ਕੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ। ਇਸ ਮੌਕੇ ਐੱਸਡੀਐੱਮ ਅਮਨਪਾਲ ਸਿੰਘ, ਈਟੀਓ ਭੁਪਿੰਦਰ ਸਿੰਘ, ਐੱਸਡੀਓ ਜਸਵਿੰਦਰ ਸਿੰਘ, ਐੱਸਡੀਓ ਵਿਵੇਕ ਵਰਿਸ਼ਟ, ਐੱਸਡੀਓ ਰਾਜਵਿੰਦਰ ਸਿੰਘ, ਐੱਸਐੱਚਓ ਹਰਿੰਦਰ ਸਿੰਘ, ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਜਰਨੈਲ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਸਟੈਨੋ ਜਗਦੀਸ਼, ਬਲਜੀਤ ਸਿੰਘ ਬਾਜਵਾ, ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਕੌਂਸਲਰ ਰਜਿੰਦਰ ਸਿੰਘ, ਪ੍ਰਧਾਨ ਸੁਰਿੰਦਰ ਅਰੋੜਾ, ਸਤਪਾਲ ਅਰੋੜਾ,ਕਮਲਪ੍ਰੀਤ ਸਿੰਘ ਸੋਨੀ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਮੌਜੂਦ ਸਨ।