81 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ ਮੇਰਾ ਘਰ ਮੇਰੇ ਨਾਮ (ਸਵਾਮਿਤਵ) ਯੋਜਨਾ ਤਹਿਤ 81 ਲਾਭਪਾਤਰੀਆਂ ਨੂੰ ਵੰਡੇ ਗਏ ਪ੍ਰਾਪਰਟੀ ਕਾਰਡ
Publish Date: Tue, 03 Nov 2026 07:58 PM (IST)
Updated Date: Tue, 03 Nov 2026 07:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਪਹਿਲਕਦਮੀ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਮੇਰਾ ਘਰ ਮੇਰੇ ਨਾਮ (ਸਵਾਮਿਤਵ) ਯੋਜਨਾ ਦੇ ਪਹਿਲੇ ਪੜਾਅ ਤਹਿਤ ਪਿੰਡ ਬਰਨ ਦੇ 81 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਇਸ ਨਾਲ ਲਾਭਪਾਤਰੀਆਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕ ਪ੍ਰਾਪਤ ਹੋਏ। ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਜਾਰੀ ਕਰਨ ਤੇ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਸਹੀ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੇਰਾ ਘਰ ਮੇਰੇ ਨਾਮ/ਸਵਾਮਿਤਵ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਨ੍ਹਾਂ ਰਿਹਾਇਸ਼ੀ ਜਾਇਦਾਦਾਂ ਨੂੰ ਕਾਨੂੰਨੀ ਮਾਨਤਾ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਿਨ੍ਹਾਂ ਦੀ ਕਈ ਦਹਾਕਿਆਂ ਤੋਂ ਕੋਈ ਰਸਮੀ ਮਾਲਕੀ ਦਸਤਾਵੇਜ਼ੀ ਕਾਰਵਾਈ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਸਬੰਧੀ ਦਸਤਾਵੇਜ਼ੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਘਰਾਂ ਦੇ ਕਾਨੂੰਨੀ ਮਾਲਕ ਵਜੋਂ ਆਪਣੀ ਪਛਾਣ ਸਥਾਪਿਤ ਕਰ ਸਕਣ। ਮਾਲਕੀ ਦੀ ਸੁਰੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਇਹ ਹੱਕ ਲਾਭਪਾਤਰੀਆਂ ਨੂੰ ਆਪਣੀਆਂ ਜਾਇਦਾਦਾਂ ਦੀ ਉਸਾਰੂ ਤੇ ਆਰਥਿਕ ਉਦੇਸ਼ਾਂ ਲਈ ਵਰਤੋਂ ਕਰਨ ਦੇ ਯੋਗ ਵੀ ਬਣਾਉਣਗੇ। ਇਸ ਦੇ ਨਾਲ ਹੀ ਉਹ ਕਾਨੂੰਨੀ ਜਾਇਦਾਦ ਮਾਲਕਾਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਵੀ ਲੈ ਸਕਣਗੇ। ਡਾ. ਚੱਬੇਵਾਲ ਨੇ ਦੱਸਿਆ ਕਿ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਰਿਕਾਰਡ ਤਿਆਰ ਕਰਨ ਲਈ ਇੱਕ ਵਿਵਸਥਿਤ ਪ੍ਰਕਿਰਿਆ ਅਪਣਾਈ ਗਈ ਹੈ। ਇਸ ਤਹਿਤ ਪਿੰਡਾਂ ਦੀ ਡਰੋਨ ਰਾਹੀਂ ਮੈਪਿੰਗ ਕਰਵਾਈ ਗਈ, ਤਾਂ ਜੋ ਲਾਲ ਲਕੀਰ ਦੇ ਅੰਦਰ ਸਥਿਤ ਜਾਇਦਾਦਾਂ ਦੀ ਸਹੀ ਪਛਾਣ ਕਰਕੇ ਉਨ੍ਹਾਂ ਦਾ ਨਕਸ਼ਾ ਤਿਆਰ ਕੀਤਾ ਜਾ ਸਕੇ। ਡਰੋਨ ਸਰਵੇਖਣ ਰਾਹੀਂ ਤਿਆਰ ਕੀਤੇ ਗਏ ਨਕਸ਼ਿਆਂ ਨੂੰ ਵੱਡੇ ਫਲੈਕਸ ਬੋਰਡਾਂ ’ਤੇ ਛਪਵਾ ਕੇ ਪਿੰਡਾਂ ਦੇ ਪ੍ਰਮੁੱਖ ਤੇ ਸਾਂਝੇ ਸਥਾਨਾਂ ’ਤੇ ਲਗਾਇਆ ਗਿਆ, ਤਾਂ ਜੋ ਲੋਕ ਆਪਣੀਆਂ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੈਪਿੰਗ ਕੀਤੀਆਂ ਗਈਆਂ ਜਾਇਦਾਦਾਂ ਸਬੰਧੀ ਲੋਕਾਂ ਤੋਂ ਇਤਰਾਜ਼ ਤੇ ਦਾਅਵੇ ਮੰਗੇ ਗਏ। ਇਨ੍ਹਾਂ ਇਤਰਾਜ਼ਾਂ ਦੀ ਸਬੰਧਤ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਤੋਂ ਬਾਅਦ ਅੰਤਿਮ ਪ੍ਰਾਪਰਟੀ ਰਿਕਾਰਡ ਤਿਆਰ ਕੀਤਾ ਗਿਆ। ਇਸ ਪਾਰਦਰਸ਼ੀ ਪ੍ਰਕਿਰਿਆ ਨਾਲ ਲੋਕਾਂ ਦੇ ਇਤਰਾਜ਼ਾਂ ਤੇ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲਕੀ ਦੇ ਵੇਰਵਿਆਂ ਦੀ ਪੁਸ਼ਟੀ ਕੀਤੀ ਗਈ। ਐੱਮਪੀ ਨੇ ਕਿਹਾ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਆਪਣੇ ਮਕਾਨਾਂ ਤੇ ਪਲਾਟਾਂ ਦੇ ਸਹੀ ਦਸਤਾਵੇਜ਼ ਨਾ ਹੋਣ ਕਾਰਨ ਇਤਿਹਾਸਕ ਤੌਰ ’ਤੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਵਾਮਿਤਵ ਯੋਜਨਾ ਨੇ ਅਜਿਹੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਰਸਮੀ ਮਾਲਕੀ ਦਸਤਾਵੇਜ਼ ਪ੍ਰਾਪਤ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਇਸ ਯੋਜਨਾ ਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਜਾਇਦਾਦਾਂ ਦੀ ਮੈਪਿੰਗ, ਤਸਦੀਕ, ਇਤਰਾਜ਼ਾਂ ਦੇ ਨਿਪਟਾਰੇ ਅਤੇ ਪ੍ਰਾਪਰਟੀ ਕਾਰਡ ਤਿਆਰ ਕਰਨ ਦੀ ਪ੍ਰਕਿਿਰਆ ਆਪਸੀ ਤਾਲਮੇਲ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ।ਇਸ ਮੌਕੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਉਨ੍ਹਾਂ ਦੇ ਮਾਲਕੀ ਹੱਕਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।