ਮਜ਼ਦੂਰ ਤੇ ਕਿਸਾਨ ਯੂਨੀਅਨ ਨੇ ਡੀਐੱਸਪੀ ਦਫ਼ਤਰ ਅੱਗੇ ਲਾਇਆ ਧਰਨਾ ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀਐੱਸਪੀ ਦਫ਼ਤਰ ਅੱਗੇ ਧਰਨਾ ਮੁਜ਼ਾਹਰਾ
Publish Date: Mon, 16 Nov 2026 08:15 PM (IST)
Updated Date: Mon, 16 Nov 2026 08:18 PM (IST)
ਦਰਜ ਝੂਠੇ ਕੇਸ ਰੱਦ ਕਰਨ ਤੇ ਪੀੜਤਾਂ ਨੂੰ ਇਨਸਾਫ ਦੇਣ ਮੰਗ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਕਥਿਤ ਪੱਖਪਾਤੀ ਰਵੱਈਏ ਖਿਲਾਫ਼ ਡੀਐੱਸਪੀ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿੰਡ ਰਾਮਪੁਰ ਜਗੀਰ ਵਿਖੇ 8 ਮਰਲੇ ਰਿਹਾਇਸ਼ੀ ਨੰਬਰੀ ਥਾਂ ਨੂੰ ਲਾਲ ਲਕੀਰ ਬਣਾ ਕੇ ਹੜੱਪਣ ਵਾਲੇ ਲੋਕਾਂ ਖਿਲਾਫ ਦਰਜ ਕੇਸ ਸੰਬੰਧੀ ਕਾਰਵਾਈ ਕਰਨ ਤੇ ਪਿੰਡ ਦੇਸਲ ਦੇ ਥਾਣਾ ਸੁਲਤਾਨਪੁਰ ਲੋਧੀ ਤੇ ਫੱਤੂਢੀਂਗਾ ਵਿਖੇ ਦਰਜ ਕੇਸ ਦੀ ਪੜਤਾਲ ਕਰਕੇ ਨਿਆਂ ਕੀਤਾ ਜਾਵੇ ਅਤੇ ਬੀਡੀਪੀਓ ਰਾਹੀਂ ਮਸਲੇ ਦੀ ਜੜ੍ਹ ਗੰਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕਰਵਾ ਦਿੱਤਾ ਜਾਵੇ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਨੇ ਕਥਿਤ ਦੋਸ਼ ਲਗਾਇਆ ਕਿ ਕੱਲ੍ਹ ਪਿੰਡ ਦੇਸਲ ਵਿਖੇ ਕੁਝ ਲੋਕਾਂ ਵੱਲੋਂ ਕਥਿਤ ਸਿਆਸੀ ਮਿਲੀਭੁਗਤ ਤਹਿਤ ਨੌਜਵਾਨ ਰਣਧੀਰ ਸਿੰਘ ਧੀਰਾ ਦੀ ਜਾਨ ਲੈਣ ਲਈ ਉਸ ਉੱਪਰ ਗੋਲੀਆਂ ਚਲਾਈਆਂ ਗਈਆਂ ਤੇ ਉਸ ਨੂੰ ਬਚਾਉਣ ਵਾਲੇ ਨੌਜਵਾਨਾਂ ਨੂੰ ਵੀ ਹਮਲਾਵਰਾਂ ਨੇ ਹਮਲੇ ਦਾ ਸ਼ਿਕਾਰ ਬਣਾਇਆ, ਜੋ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਮੌਤ ਦੀ ਜੰਗ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇਸਲ ਵਿਖੇ ਕਰੀਬ 40 ਘਰ ਪਿਛਲੇ ਦੋ ਸਾਲ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਹਨ ਤੇ ਸਿਆਸੀ ਪਾਰਟੀਬਾਜ਼ੀ ਦੇ ਚਲਦਿਆਂ ਪ੍ਰਬੰਧਕ ਇਸ ਨੂੰ ਹੱਲ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਲੰਬੇ ਸਮੇਂ ਤੋਂ ਬੰਦ ਹਨ। ਸਥਾਨਕ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਜਥੇਬੰਦੀਆਂ ਵੱਲੋਂ ਰਹਿੰਦੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ, ਜਾਂਚ ਕਰਕੇ ਇਸ ਹਮਲੇ ਦੇ ਸਾਜਿਸ਼ਕਾਰਾਂ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਪੀੜਤ ਧਿਰ ਦੀ ਜਾਨੀ ਮਾਲੀ ਨੁਕਸਾਨ ਦੀ ਸੁਰੱਖਿਆ ਕੀਤੀ ਜਾਵੇ ਤੇ ਗੰਦੇ ਪਾਣੀ ਦੇ ਨਿਕਾਸ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਧਰਨਾਕਾਰੀਆਂ ਨੂੰ ਸਥਾਨਕ ਏਐੱਸਪੀ ਧੁਰੇਂਦਰ ਵਰਮਾ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਕੇਸਾਂ ਦੀ ਜਾਂਚ ਕਰਵਾ ਕੇ ਇਨਸਾਫ ਦਿਵਾਉਣਗੇ ਤੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਦਰਸ਼ਨ ਨਾਹਰ, ਜ਼ਿਲ੍ਹਾ ਆਗੂ ਹਰਬੰਸ ਮੱਟੂ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਆਗੂ ਮਨਿੰਦਰ ਕਮਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਭੰਡਾਲ ਬੇਟ, ਸ਼ੀਤਲ ਸਿੰਘ ਸਗੋਜਲਾ, ਗੁਰਭੇਜ ਸਿੰਘ ਬੂਹ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰਾ ਸਿੰਘ ਭੰਡਾਲ, ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਬਲਵਿੰਦਰ ਕੌਰ ਦਿਆਲਪੁਰ, ਨੌਜਵਾਨ ਭਾਰਤ ਸਭਾ ਦੇ ਕਾਰਕੁੰਨ ਰਣਜੀਤ ਦੇਸਲ, ਸਾਬਕਾ ਸਰਪੰਚ ਪਾਲਾ ਸਿੰਘ, ਪਰਮਜੀਤ ਸਿੰਘ, ਰਾਜਵਿੰਦਰ ਕੌਰ, ਭਜਨ ਕੌਰ, ਬਖਸ਼ੀਸ਼ ਸਿੰਘ, ਤਰਸੇਮ ਸਿੰਘ, ਜਿੰਦਰ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।