ਪਰਚੇ ਦੀ ਰਾਜਨੀਤੀ ਖ਼ਿਲਾਫ਼ ਚੀਮਾ ਦੀ ਅਗਵਾਈ ਹੇਠ ਪ੍ਰਦਰਸ਼ਨ
ਪਰਚੇ ਦੀ ਰਾਜਨੀਤੀ ਖ਼ਿਲਾਫ਼ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪ੍ਰਦਰਸ਼ਨ
Publish Date: Sat, 06 Jun 2026 09:25 PM (IST)
Updated Date: Sat, 06 Jun 2026 09:26 PM (IST)

--ਨਜਾਇਜ਼ ਪਰਚਾ ਰੱਦ ਨਾ ਹੋਇਆ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼ : ਨਵਤੇਜ ਚੀਮਾ ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਯੂਥ ਕਾਂਗਰਸ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਦੀ ਕਾਰਵਾਈ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਝਾੜੂ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਦੇ ਮਾਮਲੇ ਵਿਚ ਦਰਜ ਕੀਤਾ ਗਿਆ ਪਰਚਾ ਪੂਰੀ ਤਰ੍ਹਾਂ ਨਜਾਇਜ਼ ਤੇ ਰਾਜਨੀਤਿਕ ਬਦਲਾਖੋਰੀ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਿਰੋਧੀਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਤੇ ਕਾਂਗਰਸੀ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਾਂਗਰਸ ਪਾਰਟੀ ਦਾ ਕੋਈ ਵੀ ਵਰਕਰ ਅਜਿਹੇ ਦਬਾਅ ਅੱਗੇ ਝੁਕਣ ਵਾਲਾ ਨਹੀਂ। ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਦੇ ਦਫ਼ਤਰਾਂ ਤੇ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਸੁਲਤਾਨਪੁਰ ਲੋਧੀ ਵਿਚ ਵੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੇਕਰ ਇਹ ਪਰਚਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਕਿਸੇ ਵੀ ਵਰਕਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਤੇ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਖ਼ਿਲਾਫ਼ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰਹੇਗਾ। ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਨੇ ਖਾਸ ਤੌਰ ਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ ਤੇ ਪਰਚਾ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਸ਼ਹਿਰੀ ਪ੍ਰਧਾਨ ਕਾਂਗਰਸ ਨਰਿੰਦਰ ਸਿੰਘ ਪੰਨੂ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਸੀਨੀਅਰ ਆਗੂ ਮੋਨੂ ਭੰਡਾਰੀ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਕਾਲੋਨੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਡਡਵਿੰਡੀ, ਹਰਨੇਕ ਸਿੰਘ ਵਿਰਦੀ, ਬਲਜਿੰਦਰ ਸਿੰਘ ਪੀਏ ਆਦਿ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਆਗੂ ਤੇ ਯੂਥ ਆਗੂ ਹਾਜ਼ਰ ਸਨ।