ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਮਾਰਚ
ਪੰਜਾਬ ਨੂੰ ‘ਪੁਲਿਸ ਸਟੇਟ’ ਬਣਾਉਣ ਦੇ ਦੋਸ਼ਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਸ ਮਾਰਚ
Publish Date: Wed, 11 Mar 2026 09:17 PM (IST)
Updated Date: Wed, 11 Mar 2026 09:18 PM (IST)

ਐੱਸਐੱਸਪੀ ਦਫ਼ਤਰ ਕਪੂਰਥਲਾ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਕਾਰਵਾਈਆਂ ਬੰਦ ਕਰਨ ਦੀ ਕੀਤੀ ਮੰਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਮੋਰਚਾ ਭਾਰਤ (ਕੇਐੱਮਐੱਮ) ਪੰਜਾਬ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਜ਼ਿਲ੍ਹਾ ਕਪੂਰਥਲਾ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਸ ਮਾਰਚ ਕਰਕੇ ਐੱਸਐੱਸਪੀ ਦਫ਼ਤਰ ਕਪੂਰਥਲਾ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀ ਸ਼ਹਿ ‘ਤੇ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤੇ “ਗੈਂਗਸਟਰਾਂ ’ਤੇ ਪ੍ਰਹਾਰ” ਵਰਗੇ ਨਾਅਰੇ ਦੇ ਕੇ ਨਜਾਇਜ਼ ਪਰਚੇ ਦਰਜ ਕਰਨ ਤੇ ਕਥਿਤ ਪੁਲਿਸ ਮੁਕਾਬਲੇ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਪਰਾਧ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਪਰ ਅਪਰਾਧ ਦੇ ਬਦਲੇ ਅਪਰਾਧਿਕ ਕਾਰਵਾਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਕਈ ਪੁਲਿਸ ਮੁਕਾਬਲਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਮੌਜੂਦਾ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਆਗੂਆਂ ਨੇ ਗੁਰਦਾਸਪੁਰ ਜ਼ਿਲ੍ਹੇ ਵਿਚ ਵਾਪਰੀ ਪੁਲਿਸ ਕਰਮਚਾਰੀਆਂ ਦੇ ਕਤਲ ਨਾਲ ਜੁੜੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤੇ ਪੁਲਿਸ ਨੂੰ ਖੁਦ ਜੱਜ ਬਣਨ ਦਾ ਹੱਕ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨੂੰ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰਨਾ ਤੇ ਉਨ੍ਹਾਂ ਦੇ ਨਿੱਜੀ ਡਾਟਾ ਦੇ ਆਧਾਰ ‘ਤੇ ਦਬਾਅ ਬਣਾਉਣਾ ਵੀ ਗਲਤ ਹੈ, ਜਿਸਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਕ ਜਥੇਬੰਦੀਆਂ ਨੂੰ ਸ਼ਾਂਤੀਪੂਰਵਕ ਅੰਦੋਲਨ ਕਰਨ ਦਾ ਹੱਕ ਹੈ, ਜਿਸਨੂੰ ਖੋਹਣ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਇਸ ਮੌਕੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਹਰਵਿੰਦਰ ਸਿੰਘ, ਗੱਗੀ ਹਮੀਰਾ, ਕਮਲਜੀਤ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।