ਸਰਕਾਰ ਲੋਕਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ : ਬਾਊਪੁਰ
ਫਾਜ਼ਿਲਕਾ ’ਚ ਕਿਸਾਨ-ਮਜ਼ਦੂਰਾਂ ਦੀ ਗ੍ਰਿਫ਼ਤਾਰੀ ’ਤੇ ਰੋਸ, ਆਗੂਆਂ ਨੇ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ
Publish Date: Thu, 02 Apr 2026 08:49 PM (IST)
Updated Date: Thu, 02 Apr 2026 08:52 PM (IST)

ਫਾਜ਼ਿਲਕਾ ’ਚ ਕਿਸਾਨ-ਮਜ਼ਦੂਰਾਂ ਦੀ ਗ੍ਰਿਫ਼ਤਾਰੀ ’ਤੇ ਰੋਸ ਆਗੂਆਂ ਨੇ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਮੋਰਚਾ ਦੇ ਐਲਾਨ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੂੰ ਪੁਲਿਸ ਵੱਲੋਂ ਗੈਰਕਾਨੂੰਨੀ ਤੇ ਗੈਰ-ਲੋਕਤੰਤਰਿਕ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਥਾਣਿਆਂ ਵਿਚ ਬੰਦ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਹ ਸਰਕਾਰ ਵੱਲੋਂ ਲੋਕਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਉਨ੍ਹਾਂ ਦੱਸਿਆ ਕਿ ਕਰੀਬ 35 ਆਗੂਆਂ ਤੇ ਵਰਕਰਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ ਦਬਾਅ ਨਾਲ ਅੰਦੋਲਨ ਰੁਕਣ ਦੀ ਬਜਾਏ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਮੋਰਚੇ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਕਿਸਾਨਾਂ ਦੀਆਂ ਮੰਗਾਂ ਜਿਵੇਂ ਸ਼ੰਭੂ-ਖਨੌਰੀ ਬਾਰਡਰ ਨੁਕਸਾਨ ਦੀ ਭਰਪਾਈ, ਪਰਾਲੀ ਮਾਮਲਿਆਂ ਦੇ ਪਰਚੇ ਰੱਦ ਕਰਨਾ, ਹੜ੍ਹਾਂ ਦੇ ਮੁਆਵਜੇ, ਬੀਜ ਬਿੱਲ ਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਤੇ ਮਨਰੇਗਾ ਦੀ ਪੁਰਾਣੀ ਪ੍ਰਣਾਲੀ ਦੀ ਬਹਾਲੀ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪਰਮਜੀਤ ਸਿੰਘ ਪੱਕੇ ਕੋਠੇ, ਤਰਸੇਮ ਸਿੰਘ ਵਿੱਕੀ, ਬਲਜਿੰਦਰ ਸਿੰਘ ਸ਼ੇਰਪੁਰ, ਗੁਰਸੇਵਕ ਸਿੰਘ ਸ਼ਿਵਦਿਆਲਪੁਰ ਸਮੇਤ ਹੋਰ ਆਗੂ ਮੌਜੂਦ ਸਨ।