ਕਿਸਾਨ-ਮਜ਼ਦੂਰਾਂ ਦਾ ਧਰਨਾ ਹੁਣ 16 ਨੂੰ ਕਿਸਾਨ-ਮਜ਼ਦੂਰ ਆਗੂਆਂ ਦੇ ਕਥਿਤ ਝੂਠੇ ਪਰਚੇ ਰੱਦ ਕਰਵਾਉਣ ਲਈ ਡੀਐਸਪੀ ਸੁਲਤਾਨਪੁਰ ਲੋਧੀ ਦਫ਼ਤਰ ਅੱਗੇ ਧਰਨਾ 16 ਨਵੰਬਰ ਨੂੰ
Publish Date: Fri, 13 Nov 2026 08:30 PM (IST)
Updated Date: Fri, 13 Nov 2026 08:33 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਰਾਮਪੁਰ ਜਾਗੀਰ ਦੇ ਇੱਕ ਗਰੀਬ ਪਰਿਵਾਰ ਦੇ ਰਿਹਾਇਸ਼ੀ ਘਰ ਦੀ 8 ਮਰਲੇ ਜਗ੍ਹਾ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ਤੇ ਨੰਬਰੀ ਜਗ੍ਹਾ ਨੂੰ ਲਾਲ ਲਕੀਰ ਵਿੱਚ ਦਰਸਾ ਕੇ ਹੜੱਪਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਹੁਣ 16 ਨਵੰਬਰ ਨੂੰ ਡੀਐੱਸਪੀ ਸੁਲਤਾਨਪੁਰ ਲੋਧੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਸ਼ੇਰਪੁਰ ਸੱਧਾ ਸੂਬਾ ਆਗੂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਲੰਬਾ ਸੰਘਰਸ਼ ਕੀਤਾ ਗਿਆ ਸੀ। ਸੰਘਰਸ਼ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 420 ਤੇ 120-ਬੀ ਤਹਿਤ 9 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਆਗੂਆਂ ਨੇ ਦੋਸ਼ ਲਾਇਆ ਕਿ ਸੰਘਰਸ਼ ਦੌਰਾਨ ਪੀੜਤ ਪਰਿਵਾਰ ਤੇ ਮਜ਼ਦੂਰ-ਕਿਸਾਨ ਆਗੂਆਂ ਵਿਰੁੱਧ ਵੀ ਝੂਠੇ ਪਰਚੇ ਦਰਜ ਕੀਤੇ ਗਏ ਸਨ। ਉਨ੍ਹਾਂ ਦੀ ਮੰਗ ਹੈ ਕਿ ਪੀੜਤ ਪਰਿਵਾਰ ਤੇ ਜਥੇਬੰਦੀਆਂ ਦੇ ਆਗੂਆਂ ਵਿਰੁੱਧ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਰੱਦ ਕੀਤੇ ਜਾਣ ਤੇ ਜ਼ਮੀਨ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 13 ਨਵੰਬਰ ਨੂੰ ਡੀਐੱਸਪੀ ਸੁਲਤਾਨਪੁਰ ਲੋਧੀ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ 13 ਨਵੰਬਰ ਨੂੰ ਸੰਯੁਕਤ ਮੋਰਚੇ ਦਾ ਪ੍ਰੋਗਰਾਮ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਧਰਨਾ 16 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਡੀਐੱਸਪੀ ਸੁਲਤਾਨਪੁਰ ਲੋਧੀ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ। ਜਥੇਬੰਦੀਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।