31 ਅਗਸਤ ਨੂੰ ਡੀਸੀ ਦਫ਼ਤਰਾਂ ਅੱਗੇ ਧਰਨੇ 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ, 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਮੋਰਚਿਆਂ ਦਾ ਐਲਾਨ
Publish Date: Wed, 26 Aug 2026 09:18 PM (IST)
Updated Date: Wed, 26 Aug 2026 09:19 PM (IST)
14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਮੋਰਚਿਆਂ ਦਾ ਐਲਾਨ ਪਿੰਡ ਉੱਚਾ ਵਿਖੇ ਹੋਈ ਕਿਸਾਨ-ਮਜ਼ਦੂਰ ਕਨਵੈਨਸ਼ਨ ਪਰਮਜੀਤ ਸਿੰਘ\ਕੁਲਵਿੰਦਰ ਲਾਡੀ, ਪੰਜਾਬੀ ਜਾਗਰਣ ਡਡਵਿੰਡੀ\ਫੱਤੂਢੀਂਗਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਪਿੰਡ ਉੱਚਾ ਵਿਖੇ ਕਿਸਾਨ-ਮਜ਼ਦੂਰਾਂ ਦੀ ਵਿਸ਼ੇਸ਼ ਕਨਵੈਨਸ਼ਨ ਕਰਵਾਈ ਗਈ। ਇਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੇ ਪ੍ਰਧਾਨਾਂ, ਸਕੱਤਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਜਥੇਬੰਦੀ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੂਬਾਈ ਆਗੂ ਸਤਨਾਮ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ। ਕਨਵੈਨਸ਼ਨ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ-ਮਜ਼ਦੂਰ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ 31 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ 14 ਤੋਂ 18 ਸਤੰਬਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕਰਦਿਆਂ ਅਗਲੇ ਪੜਾਅ ਵਿੱਚ ਰੇਲ ਰੋਕੋ ਸਮੇਤ ਹੋਰ ਸਖ਼ਤ ਪ੍ਰੋਗਰਾਮ ਉਲੀਕੇ ਜਾਣਗੇ। ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਇਸ ਮੌਕੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਇਹ ਇਕੱਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਵੀ ਸਵਾਲ ਚੁੱਕਦਿਆਂ ਬਿਜਲੀ ਸੋਧ ਬਿੱਲ ਅਤੇ ਡੀਐੱਸ ਐਕਟ-2025 ਨੂੰ ਰੱਦ ਕਰਨ, ਕਿਸਾਨਾਂ ਦਾ ਕਰਜ਼ਾ ਖ਼ਤਮ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਲਈ ਲਾਹੇਵੰਦ ਭਾਅ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਯਕੀਨੀ ਬਣਾਈ ਜਾਵੇ। ਪੰਨੂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਚੱਲੇ ਕਿਸਾਨ ਮੋਰਚਿਆਂ ਦੌਰਾਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਸਾਨਾਂ ਦੇ ਸਾਮਾਨ ਅਤੇ ਟਰਾਲੀਆਂ ਸਬੰਧੀ ਕਥਿਤ ਚੋਰੀ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਇਆ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ : ਬਾਊਪੁਰ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਲੋਕਾਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਅਗਸਤ ਦੇ ਧਰਨਿਆਂ ਤੋਂ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਹੋਵੇਗੀ ਅਤੇ 14 ਤੋਂ 18 ਸਤੰਬਰ ਤੱਕ ਮੰਤਰੀਆਂ ਦੇ ਘਰਾਂ ਅੱਗੇ ਪੰਜ ਰੋਜ਼ਾ ਪੱਕੇ ਮੋਰਚੇ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਦੇ ਕਰਜ਼ੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਫ਼ਸਲਾਂ ਦੀ ਸਰਕਾਰੀ ਖਰੀਦ, ਮਜ਼ਦੂਰਾਂ ਦੇ ਰੁਜ਼ਗਾਰ ਅਤੇ ਹੋਰ ਲੋਕ ਮਸਲਿਆਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਪਿੰਡ-ਪਿੰਡ ਲਾਮਬੰਦੀ ਦਾ ਐਲਾਨ ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ-ਪਿੰਡ ਮੀਟਿੰਗਾਂ ਅਤੇ ਵੱਡੇ ਇਕੱਠ ਕਰਕੇ ਲੋਕਾਂ ਨੂੰ ਜਥੇਬੰਦੀ ਦੀਆਂ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਨਵੈਨਸ਼ਨ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦੇਣ, ਕਿਸਾਨਾਂ-ਮਜ਼ਦੂਰਾਂ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਸ਼ੰਭੂ-ਖਨੌਰੀ ਮੋਰਚਿਆਂ ਨਾਲ ਸਬੰਧਤ ਕਿਸਾਨਾਂ ਦਾ ਸਾਮਾਨ ਵਾਪਸ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੂਬਾ ਆਗੂ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਮਲਕੀਤ ਸਿੰਘ, ਗੁਰਸੇਵਕ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਪਿਆਰਾ ਸਿੰਘ, ਜ਼ੋਨ ਪ੍ਰੈੱਸ ਸਕੱਤਰ ਦਿਵਜੋਤ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਭਜਨ ਸਿੰਘ ਖਿਜਰਪੁਰ, ਜ਼ੋਨ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ।