ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਅਹਿਮ : ਡਾ. ਅੰਨੂ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਅਹਿਮ : ਕਾਰਜਕਾਰੀ ਸਿਵਲ ਸਰਜਨ ਡਾ. ਅੰਨੂ ਸ਼ਰਮਾ
Publish Date: Mon, 14 Sep 2026 07:16 PM (IST)
Updated Date: Mon, 14 Sep 2026 07:17 PM (IST)
--ਜ਼ਿਲ੍ਹਾ ਕਪੂਰਥਲਾ ’ਚ ਵੱਖ-ਵੱਖ ਸਥਾਨਾਂ ’ਤੇ ਚਲਾਈ ਗਈ ਸਪੈਸ਼ਲ ਡੇਂਗੂ ਜਾਗਰੂਕਤਾ ਡਰਾਈਵ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾ. ਅੰਨੂ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਥਾਨਾਂ ’ਤੇ ਸਪੈਸ਼ਲ ਡੇਂਗੂ ਜਾਗਰੂਕਤਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਅੰਨੂ ਸ਼ਰਮਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਬਿਮਾਰੀ ਨੂੰ ਕਾਬੂ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਆਪਣੇ ਘਰ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਵੇ। ਸਿਹਤ ਟੀਮਾਂ ਵੱਲੋਂ ਘਰਾਂ, ਦੁਕਾਨਾਂ ਤੇ ਹੋਰ ਜਨਤਕ ਸਥਾਨਾਂ, ਫੈਕਟਰੀਆਂ ’ਤੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਛੱਤਾਂ ’ਤੇ ਪਏ ਕੰਟੇਨਰਾਂ, ਟਾਇਰਾਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਸਫਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਡੇਂਗੂ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਹਿਨਣ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਹੋਰ ਉਪਾਅ ਵਰਤਣ ਦੀ ਸਲਾਹ ਦਿੱਤੀ ਗਈ। ਕਾਰਜਕਾਰੀ ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੇ ਲੱਛਣ ਜਿਵੇਂ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਤੇ ਜੋੜਾਂ ਵਿੱਚ ਦਰਦ, ਮਤਲੀ ਜਾਂ ਚਮੜੀ ’ਤੇ ਦਾਣੇ ਆਦਿ ਹੋਣ ’ਤੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਦੀ ਸਥਿਤੀ ਵਿੱਚ ਬਿਨਾਂ ਡਾਕਟਰੀ ਸਲਾਹ ਦੇ ਦਵਾਈ ਨਾ ਲਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਡੇਂਗੂ ਵਿਰੁੱਧ ਜਾਗਰੂਕਤਾ ਤੇ ਲਾਰਵਾ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਡੇਂਗੂ ਦੀ ਰੋਕਥਾਮ ਲਈ ਸਾਂਝੇ ਯਤਨ ਯਕੀਨੀ ਬਣਾਏ ਜਾਣ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਵੱਡਾ ਹਥਿਆਰ ਹੈ ਤੇ ਆਪਣੇ ਘਰ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਨੂੰ ਵੀ ਮੱਛਰਾਂ ਦੇ ਪ੍ਰਜਨਨ ਤੋਂ ਮੁਕਤ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਐੱਸਆਈ ਗੁਰਬੀਰ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ ਆਦਿ ਵੀ ਹਾਜ਼ਰ ਸਨ।